Site icon TheUnmute.com

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਵੱਡੀ ਕਾਰਵਾਈ, 51 ਮੁਲਾਜ਼ਮ ਮੁਅੱਤਲ

SGPC

ਅੰਮ੍ਰਿਤਸਰ, 04 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ (Langar Sri Guru Ramdas Ji) ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ (Langar Sri Guru Ramdas Ji) ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਵਿੱਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ੁੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Exit mobile version