ਚੰਡੀਗੜ੍ਹ, 01 ਸਤੰਬਰ 2023: ਕੇਂਦਰ ਦੀ ਮੋਦੀ ਸਰਕਾਰ ਨੇ ਵਨ ਨੇਸ਼ਨ, ਵਨ ਇਲੈਕਸ਼ਨ (One Nation, One Election) ਨੂੰ ਲੈ ਕੇ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕਰਨਗੇ। ਰਾਮਨਾਥ ਕੋਵਿੰਦ ਦੇਸ਼ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਕਰਵਾਉਣ ਦੀ ਰੂਪ ਰੇਖਾ ‘ਤੇ ਕੰਮ ਕਰਨਗੇ। ਪ੍ਰਧਾਨ ਮੰਤਰੀ ਮੋਦੀ 2014 ਤੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ‘ਤੇ ਜ਼ੋਰ ਦੇ ਰਹੇ ਹਨ।
ਪ੍ਰਧਾਨ ਮੰਤਰੀ ਮੋਦੀ ਦੀ ਦਲੀਲ ਹੈ ਕਿ ਜੇਕਰ ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਹੁੰਦੀਆਂ ਹਨ ਤਾਂ ਖਰਚੇ ਘੱਟ ਜਾਣਗੇ। ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਬੋਝ ਨਹੀਂ ਪਵੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਆਉਣ ਵਾਲੀ 18 ਸਤੰਬਰ ਨੂੰ ਲੋਕ ਸਭਾ ਦਾ ਸੈਸ਼ਨ ਹੈ, ਜਿਸ ਵਿਚ ਦੇਖਿਆ ਜਾਵੇਗਾ ਕਿ ਇਕ ਦੇਸ਼ ਇਕ ਚੋਣ ਕਿਵੇਂ ਹੁੰਦੀ ਹੈ।
ਇਹ ਕਦਮ ਸਰਕਾਰ ਵੱਲੋਂ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਤੋਂ ਇਕ ਦਿਨ ਬਾਅਦ ਆਇਆ ਹੈ। ਹਾਲਾਂਕਿ ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਏਜੰਡੇ ਦਾ ਐਲਾਨ ਨਹੀਂ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਅਤੇ ਰਾਜ ਸਭਾ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ (One Nation, One Election) ‘ਤੇ ਕਈ ਸਾਲਾਂ ਤੋਂ ਜ਼ੋਰ ਦੇ ਰਹੇ ਹਨ ਅਤੇ ਇਸ ਸਬੰਧ ਵਿਚ ਸੰਭਾਵਨਾਵਾਂ ‘ਤੇ ਵਿਚਾਰ ਕਰਨ ਦੀ ਜ਼ਿੰਮੇਵਾਰੀ ਕੋਵਿੰਦ ਨੂੰ ਸੌਂਪਣ ਦਾ ਫੈਸਲਾ ਸਰਕਾਰ ਦੀ ਚੋਣਾਂ ਪ੍ਰਤੀ ਆਪਣੀ ਪਹੁੰਚ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਪੰਜ ਸੂਬਿਆਂ ਵਿੱਚ ਨਵੰਬਰ-ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਉਸ ਤੋਂ ਬਾਅਦ ਅਗਲੇ ਸਾਲ ਮਈ-ਜੂਨ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ।