Site icon TheUnmute.com

ਕੇਂਦਰੀ ਕੈਬਿਨਟ ਵੱਲੋਂ ਗੰਨੇ ’ਤੇ 315 ਰੁਪਏ ਪ੍ਰਤੀ ਕੁਇੰਟਲ ਭਾਅ ਨੂੰ ਮਿਲੀ ਮਨਜ਼ੂਰੀ

Sugarcane

ਚੰੜੀਗੜ੍ਹ, 28 ਜੂਨ 2023: ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਗੰਨਾ (Sugarcane)  ਕਿਸਾਨਾਂ ਲਈ ਇੱਕ ਅਹਿਮ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਗੰਨੇ ਦੀ ਐਫਆਰਪੀ ਵਧਾਉਣ ਦਾ ਫੈਸਲਾ ਕੀਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਸਰਕਾਰ ਨੇ 2023-24 ਦੇ ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।

ਇਸ ਫੈਸਲੇ ਨਾਲ ਪੰਜ ਕਰੋੜ ਗੰਨਾ ਕਿਸਾਨਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਖੰਡ ਮਿੱਲਾਂ ਅਤੇ ਸਬੰਧਤ ਸਹਾਇਕ ਗਤੀਵਿਧੀਆਂ ਵਿੱਚ ਕੰਮ ਕਰਦੇ ਪੰਜ ਲੱਖ ਕਾਮਿਆਂ ਨੂੰ ਵੀ ਇਸ ਦਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਅਕਤੂਬਰ ਤੋਂ ਗੰਨੇ (Sugarcane) ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਮੰਤਰੀ ਮੰਡਲ ਨੇ ਵਿਕਲਪਕ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਯੋਜਨਾ ‘ਪੀਐਮ-ਪ੍ਰਣਾਮ’ (ਖੇਤੀ ਪ੍ਰਬੰਧਨ ਲਈ ਵਿਕਲਪਕ ਪੌਸ਼ਟਿਕ ਤੱਤਾਂ ਦਾ ਪ੍ਰਚਾਰ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਖਾਦ ਮੰਤਰੀ ਮਨਸੁਖ ਮਾਂਡਵੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਇਸ ਯੋਜਨਾ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ 2023-24 ਦੇ ਬਜਟ ਦੌਰਾਨ ਕੀਤਾ ਸੀ। ਇਸ ਯੋਜਨਾ ਦੇ ਤਹਿਤ ਕੇਂਦਰ ਰਾਜਾਂ ਨੂੰ ਵਿਕਲਪਕ ਖਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਰਸਾਇਣਕ ਖਾਦਾਂ ਨੂੰ ਘਟਾਉਣ ਲਈ ਉਤਸ਼ਾਹਿਤ ਕਰੇਗਾ।

Exit mobile version