July 2, 2024 8:09 pm
Swati Maliwal

ਡੇਰਾ ਮੁਖੀ ਨੂੰ ਪੈਰੋਲ ਦੇਣ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚੁੱਕੇ ਸਵਾਲ

ਚੰਡੀਗੜ੍ਹ 27 ਅਕਤੂਬਰ 2022: ਹਰਿਆਣਾ ਵਿੱਚ ਅਗਲੇ ਮਹੀਨੇ ਨਵੰਬਰ ਵਿੱਚ ਹੋਣ ਜਾ ਰਹੀਆਂ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਸਿੰਘ ਦੀ ਪੈਰੋਲ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ । ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦਿੱਤੀ ਗਈ 40 ਦਿਨਾਂ ਦੀ ਪੈਰੋਲ ‘ਤੇ ਸਵਾਲ ਚੁੱਕੇ ਹਨ।

ਸਵਾਤੀ ਮਾਲੀਵਾਲ ਨੇ ਹਰਿਆਣਾ ਸਰਕਾਰ ਤੋਂ ਪੈਰੋਲ ਵਾਪਸ ਲੈਣ ਦੀ ਮੰਗ ਕੀਤੀ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਬਲਾਤਕਾਰੀ ਅਤੇ ਕਾਤਲ ਹੈ। ਜਦੋਂ ਵੀ ਹਰਿਆਣਾ ਸਰਕਾਰ ਚਾਹੁੰਦੀ ਹੈ, ਉਹ ਉਸ ਨੂੰ ਪੈਰੋਲ ‘ਤੇ ਛੱਡ ਦਿੰਦੀ ਹੈ। ਇਸ ਵਾਰ ਰਾਮ ਰਹੀਮ ਪੈਰੋਲ ‘ਤੇ ਰਹਿੰਦਿਆਂ ਥਾਂ-ਥਾਂ ਸਤਿਸੰਗ ਕਰ ਰਿਹਾ ਹੈ ਅਤੇ ਇਸ ਸਤਿਸੰਗ ‘ਚ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮੇਅਰ ਹਿੱਸਾ ਲੈ ਰਹੇ ਹਨ।

ਸਵਾਤੀ ਮਾਲੀਵਾਲ (Swati Maliwal) ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਆਪਣਾ ਅਕਸ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਹਰਿਆਣਾ ਸਰਕਾਰ ਨੂੰ ਅਪੀਲ ਹੈ ਕਿ ਉਸ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦਿੱਤੀ ਪੈਰੋਲ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਕੁਝ ਨਹੀਂ ਕਹਿਣਾ ਚਾਹੁੰਦਾ ਇਸ ‘ਚ ਮੇਰੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਦੋਸ਼ੀਆਂ ਨੂੰ ਜੇਲ੍ਹ ਦੀ ਸਜ਼ਾ ਭੁਗਤਣੀ ਪੈਂਦੀ ਹੈ। ਉਸ ਤੋਂ ਬਾਅਦ ਜੇਲ੍ਹ ਦੇ ਨਿਯਮ ਸਾਰੇ ਕੈਦੀਆਂ ‘ਤੇ ਲਾਗੂ ਹੁੰਦੇ ਹਨ। ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹਾਲ ਹੀ ‘ਚ ਸੁਨਾਰੀਆ ਜੇਲ ਤੋਂ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ।