ਚੰਡੀਗੜ੍ਹ 03 ਜਨਵਰੀ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਅਗਾਮੀ ਸਾਉਣੀ ਰੁੱਤ ਦੀਆਂ ਫਸਲਾਂ ਅਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਫ਼ਸਰਾਂ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਅਫ਼ਸਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ।
ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਨੋਰਥ ਲਈ ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਵਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਫ਼ਸਲੀ ਵਿਭਿੰਨਤਾ ‘ਤੇ ਵੱਧ ਜ਼ੋਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਕਿਹਾ ਕਿ ਅਗਲੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਹਾ ਕਿ ਉਹ ਕਿਸਾਨਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਇਸ ਸਬੰਧ ਵਿਚ ਸੁਝਾਅ ਹਾਸਲ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਮਾਂ ਨੂੰ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਮਿਲਣਾ ਚਾਹੀਦਾ ਹੈ ਅਤੇ ਫਸਲੀ ਚੱਕਰ ਬਾਰੇ ਉਨ੍ਹਾਂ ਦੀ ਰਾਏ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ ਹੁਣ ਖੇਤੀ ਸਬੰਧੀ ਕੋਈ ਵੀ ਨੀਤੀ ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਦੇ ਸਲਾਹ-ਮਸ਼ਵਰੇ ਨਾਲ ਤਿਆਰ ਕਰਕੇ ਲਾਗੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਐਸ.ਐਸ ਗੋਸਲ, ਵਿੱਤ ਕਮਿਸ਼ਨਰ ਵਿਕਾਸ-ਕਮ-ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਅਤੇ ਡਾਇਰੈਕਟਰ ਖੇਤੀਬਾੜੀ ਡਾ: ਗੁਰਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।