Chandigarh University

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ‘ਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ

ਚੰਡੀਗੜ੍ਹ 18 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ, “ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ।” ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Scroll to Top