* ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਚੁਕਾਈ ਨੂੰ ਜ਼ਰੂਰੀ ਦੱਸਿਆ
* ਸਾਈਲੋਜ਼ ਲਈ ਕਣਕ ਦੀ ਖਰੀਦ ਵਾਸਤੇ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਕਟੌਤੀ ਦਾ ਮੁੱਦਾ ਚੁੱਕਿਆ
* ਆੜ੍ਹਤੀਆਂ ਦੇ ਕਮਿਸ਼ਨ ‘ਤੇ ਹੱਦ ਲਗਾਉਣ ਦਾ ਮੁੱਦਾ ਵੀ ਉਠਾਇਆ
ਨਵੀਂ ਦਿੱਲੀ, 27 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਬੁੱਧਵਾਰ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਤੋਂ ਸੂਬੇ ਤੋਂ ਅਨਾਜ (ਚੌਲ ਅਤੇ ਕਣਕ) ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਅਤੇ ਭੰਡਾਰਨ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਜੋਸ਼ੀ (joshi) ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਹਾੜੀ ਮਾਰਕੀਟਿੰਗ ਸੀਜ਼ਨ 2025-26 ਦੌਰਾਨ ਸੂਬੇ ਵੱਲੋਂ 124 ਲੱਖ ਮੀਟਰਕ ਟਨ ਕਣਕ ਖਰੀਦਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਿਛਲੇ ਫਸਲੀ ਸੀਜ਼ਨ ਦੀ ਲਗਭਗ ਪੰਜ ਲੱਖ ਮੀਟਰਕ ਟਨ ਕਣਕ ਵੀ ਸੂਬੇ ਵਿੱਚ ਸਟਾਕ ਕੀਤੀ ਗਈ ਹੈ, ਜਿਸ ਕਾਰਨ ਸੂਬੇ ਨੂੰ ਲਗਭਗ 129 ਲੱਖ ਮੀਟਰਕ ਟਨ ਕਣਕ ਦੇ ਭੰਡਾਰਨ ਲਈ ਪ੍ਰਬੰਧ ਕਰਨੇ ਪੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਟੋਰੇਜ ਲਈ ਥਾਂ ਦੀ ਭਾਰੀ ਕਮੀ ਹੈ ਅਤੇ ਏਜੰਸੀਆਂ ਕੋਲ ਉਪਲਬਧ ਜ਼ਿਆਦਾਤਰ ਕਵਰਡ ਜਗ੍ਹਾ ਚੌਲਾਂ ਦੇ ਭੰਡਾਰਨ ਲਈ ਵਰਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਟੋਰੇਜ ਲਈ ਥਾਂ ਦੀ ਕਮੀ ਨਾਲ ਨਜਿੱਠਣ ਲਈ ਘੱਟੋ-ਘੱਟ 25 ਲੱਖ ਮੀਟਰਕ ਟਨ ਕਣਕ ਦੀ ਸਿੱਧੀ ਡਿਲੀਵਰੀ ਲਈ ਸਪੈਸ਼ਲ ਟਰੇਨਾਂ ਦੀ ਲੋੜ ਹੋਵੇਗੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦਖ਼ਲ ਦੇਣ ਲਈ ਕਿਹਾ ਤਾਂ ਜੋ ਕਣਕ ਨੂੰ ਸਪੈਸ਼ਲ ਟਰੇਨਾਂ (trains) ਰਾਹੀਂ ਪਹਿਲ ਦੇ ਆਧਾਰ ‘ਤੇ ਬਾਹਰ ਭੇਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੌਲਾਂ ਲਈ ਜਗ੍ਹਾ ਦੀ ਘਾਟ ਕਾਰਨ ਐਫ.ਸੀ.ਆਈ. ਵੱਲੋਂ ਹੁਣ ਤੱਕ ਸਿਰਫ਼ 45 ਫੀਸਦੀ ਚੌਲ ਹੀ ਲਏ ਗਏ ਹਨ, ਜਦੋਂ ਕਿ ਮਿਲਿੰਗ ਦੀ ਆਖਰੀ ਮਿਤੀ 31 ਮਾਰਚ 2025 ਹੈ।
ਮੁੱਖ ਮੰਤਰੀ ਨੇ ਪ੍ਰਹਿਲਾਦ ਜੋਸ਼ੀ ਨੂੰ ਸਥਿਤੀ ਨਾਲ ਨਜਿੱਠਣ ਲਈ ਮਿਲਿੰਗ ਦੀ ਮਿਤੀ ਵਧਾਉਣ ਲਈ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਅੱਜ ਤੱਕ ਐਫ.ਸੀ.ਆਈ. ਕੋਲ 7.50 ਲੱਖ ਮੀਟਰਿਕ ਟਨ ਚੌਲਾਂ ਦੀ ਜਗ੍ਹਾ ਉਪਲਬਧ ਹੈ, ਜਦੋਂ ਕਿ ਕੁੱਲ 71.50 ਲੱਖ ਮੀਟਰਿਕ ਟਨ ਚੌਲਾਂ ਦੀ ਡਿਲੀਵਰੀ ਅਜੇ ਬਾਕੀ ਹੈ। ਭਗਵੰਤ ਮਾਨ ਨੇ ਅਪੀਲ ਕੀਤੀ ਕਿ ਸਾਉਣੀ ਸੀਜ਼ਨ 2024-25 ਦੀ ਚੌਲਾਂ ਦੀ ਮਿਲਿੰਗ ਨੂੰ ਸਮੇਂ ਸਿਰ ਪੂਰਾ ਕਰਨ ਲਈ ਐਫ.ਸੀ.ਆਈ. ਵੱਲੋਂ ਸੂਬੇ ਤੋਂ ਚੌਲਾਂ ਦੀ ਵੱਧ ਤੋਂ ਵੱਧ ਢੋਆ-ਢੁਆਈ ਦੀ ਆਗਿਆ ਦਿੱਤੀ ਜਾਵੇ।
ਸਾਈਲੋਜ਼ ਵਿਖੇ ਕਣਕ ਦੀ ਖਰੀਦ ਲਈ ਆੜ੍ਹਤੀਆ ਦੇ ਕਮਿਸ਼ਨ ਵਿੱਚ ਕਟੌਤੀ ਦਾ ਮੁੱਦਾ ਉਠਾਉਂਦਿਆ ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆ ਦੇ ਕਮਿਸ਼ਨ ਦੀ ਅਦਾਇਗੀ ਹੋਰ ਮੰਡੀਆਂ ਦੇ ਬਰਾਬਰ ਕਰਨ ਦੇ ਮਾਮਲੇ ‘ਤੇ ਡੀ.ਐਫ.ਪੀ.ਡੀ., ਭਾਰਤ ਸਰਕਾਰ ਨਾਲ ਵੱਖ-ਵੱਖ ਮੀਟਿੰਗਾਂ ਵਿੱਚ ਚਰਚਾ ਕੀਤੀ ਗਈ ਸੀ ਅਤੇ ਇਹ ਵੀ ਦੱਸਿਆ ਗਿਆ ਸੀ ਕਿ ਜੇ ਆੜ੍ਹਤੀਆਂ ਨੂੰ ਸਾਈਲੋਜ਼ ਤੋਂ ਖਰੀਦ ਲਈ ਕਮਿਸ਼ਨ, ਨਿਯਮਤ ਮੰਡੀਆਂ ‘ਤੇ ਖਰੀਦ ਦੇ ਬਰਾਬਰ ਦਿੱਤਾ ਜਾਂਦਾ ਹੈ ਤਾਂ ਮੰਡੀ ਲੇਬਰ ਅਤੇ ਆਵਾਜਾਈ ਖਰਚਿਆਂ ਦੇ ਪੱਖ ਤੋਂ ਬੱਚਤ ਹੋਵੇਗੀ। ਇਸ ਲਈ ਉਨ੍ਹਾਂ ਬੇਨਤੀ ਕੀਤੀ ਕਿ ਸਾਈਲੋਜ਼ ਵਿੱਚ ਆੜ੍ਹਤੀਆ ਦੇ ਕਮਿਸ਼ਨ ਨੂੰ ਆਮ ਖਰੀਦ ਦੇ ਬਰਾਬਰ ਆਗਿਆ ਦਿੱਤੀ ਜਾਵੇ ਤਾਂ ਜੋ ਸਾਈਲੋਜ਼ ਤੋਂ ਸਿੱਧੀ ਖਰੀਦ ਦੀ ਸਹੂਲਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਆੜ੍ਹਤੀਏ ਸਾਈਲੋਜ਼ ਵਿੱਚ ਮੰਡੀ ਦੇ ਕੰਮਕਾਜ ਵਾਂਗ ਹੀ ਕੰਮ ਕਰ ਰਹੇ ਹਨ।
Read More: ਬਜਟ 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ: ਮੁੱਖ ਮੰਤਰੀ