ਹੁਸ਼ਿਆਰਪੁਰ, 04 ਮਈ 2023: ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਜਲੰਧਰ ਲੋਕ ਸਭਾ ਦੀ ਉਪ ਚੋਣ ਦੇ ਚੱਲਦਿਆਂ ਚੋਣ ਜ਼ਾਬਤੇ ਕਾਰਨ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਚੋਣ ਜ਼ਾਬਤਾ ਖਤਮ ਹੋਵੇਗਾ, ਸੜਕ ਦਾ ਨਿਰਮਾਣ ਸ਼ੁਰੂ ਕਰਵਾ ਦਿੱਤਾ ਜਾਵੇਗਾ, ਕਿਉਂਕਿ ਸੜਕ ਨਿਰਮਾਣ ਸਬੰਧੀ ਪਹਿਲਾਂ ਹੀ ਟੈਂਡਰ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਰੋਕ ਕਾਰਨ ਸੜਕ ਦਾ ਨਿਰਮਾਣ ਕਾਰਜ ਰੋਕਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਸਬੰਧੀ ਆਗਿਆ ਮੰਗੀ ਗਈ ਸੀ, ਪਰੰਤੂ ਕਮਿਸ਼ਨ ਵਲੋਂ ਨਿਰਮਾਣ ਕਾਰਜ ਨੂੰ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੇ ਕਿ ਸੜਕ ਦੇ ਨਿਰਮਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 39 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਲਈ 13.74 ਕਰੋੜ ਰੁਪਏ ਮਨਜ਼ੂਰ ਕੀਤੇ ਹਨ।
ਸੜਕ ਦਾ ਕਰੀਬ 14 ਕਿਲੋਮੀਟਰ ਦਾ ਇਲਾਕਾ ਜਲੰਧਰ ਜ਼ਿਲ੍ਹੇ ਵਿਚ ਅਤੇ 25 ਕਿਲੋਮੀਟਰ ਦਾ ਇਲਾਕਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਆਉਂਦਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਸੜਕ ਕਾਫ਼ੀ ਅਹਿਮ ਹੈ, ਕਿਉਂਕਿ ਇਸ ਸੜਕ ਦੁਆਰਾ ਬਹੁਤ ਸਾਰੇ ਸ਼ਰਧਾਲੂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਮੁੰਡਾ ਦੇਵੀ ਜੀ, ਮਾਤਾ ਬਗਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਨ ਧਾਰਮਿਕ ਸਥਾਵਾਂ ਦੇ ਦਰਸ਼ਨਾਂ ਲਈ ਜਾਂਦੇ ਹਨ।
ਜਿੰਪਾ ਨੇ ਕਿਹਾ ਕਿ ਉਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਅਤੇ ਮਕਲੋਡਗੰਜ ਜਾਣ ਲਈ ਵੀ ਲੱਖਾਂ ਲੋਕ ਹੁਸ਼ਿਆਰਪੁਰ ਰਾਹੀਂ ਜਾਂਦੇ ਹਨ। ਇਸ ਲਈ ਇਸ ਸੜਕ ਦੀ ਮਹੱਤਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ ’ਤੇ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।