July 7, 2024 1:37 pm
Protest

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਫਰੀਦਕੋਟ, 05 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਕਾਨੂੰਨ “ਐਸਮਾ” ਖ਼ਿਲਾਫ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੱਜ ਸਮੁੱਚੇ ਪੰਜਾਬ ਵਿੱਚ ਤਹਿਸੀਲ ਅਤੇ ਜਿਲ੍ਹਾ ਪੱਧਰ ‘ਤੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰੇ (Protest) ਕੀਤੇ ਗਏ। ਇਸ ਤਹਿਤ ਹੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਵਿਚ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਕਿਹਾ ਕਿ ਪੰਜਾਬ ਦੇ ਰੈਗੂਲਰ,ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਸਮੇਤ ਸਮੂਹ ਸੰਘਰਸ਼ੀ ਕਾਮੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੀ ਮਾਰ ਝੱਲ ਰਹੇ ਹਨ। ਇੱਕ ਪਾਸੇ ਪੱਕੇ ਕੰਮ ਖੇਤਰ ਵਿੱਚ ਪੱਕੇ ਰੁਜ਼ਗਾਰ ਦੀ ਨੀਤੀ ਨੂੰ ਰੱਦ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਤਨਖਾਹ ਕਾਨੂੰਨ ਵਿੱਚ ਸੋਧ ਕਰਕੇ ਮੁਨਾਫ਼ੇ ਨੂੰ ਮੁੱਖ ਰੱਖ ਕੇ ਤਹਿ ਨਿਗੁਣੀਆਂ ਉਜ਼ਰਤਾਂ ਲਾਗੂ ਕਰਕੇ ਠੇਕਾ ਮੁਲਾਜ਼ਮਾਂ ਦੀ ਲੁੱਟ ਕੀਤੀ ਜਾ ਰਹੀ ਹੈ |

ਦੂਜੇ ਪਾਸੇ ਉਨ੍ਹਾਂ ਕਿਹਾ ਕਿ ਉੱਚ ਯੋਗਤਾ ਰੱਖਦੇ ਮੁਲਾਜ਼ਮਾਂ ਨੂੰ ਹੇਠਲੇ ਅਹੁਦਿਆਂ ‘ਤੇ ਭਰਤੀ ਕਰਕੇ ਘੱਟ ਤਨਖਾਹ ਤੇ ਵਾਧੂ ਕੰਮ ਲੈਣ ਦੀ ਮੁਨਾਫ਼ੇ ਦੀ ਨੀਤੀ ਲਾਗੂ ਕੀਤੀ ਹੋਈ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਬਜਾਏ ਸਮੂਹ ਸਰਕਾਰੀ ਵਿਭਾਗਾਂ ਵਿੱਚ ਸੇਵਾ ਮੁਕਤ ਮੁਲਾਜ਼ਮਾਂ ਨੂੰ ਠੇਕੇ ‘ਤੇ ਭਰਤੀ ਕੀਤਾ ਜਾ ਰਿਹਾ ਹੈ |

ਇਸ ਵਿਰੁੱਧ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਪੰਜਾਬ ਸਰਕਾਰ ਗੱਲਬਾਤ ਕਰਨ ਤੋਂ ਵੀ ਭੱਜ ਰਹੀ ਹੈ। ।”ਐਸਮਾ” ਵਰਗੇ ਕਾਨੂੰਨ ਨੂੰ ਲਾਗੂ ਕਰਕੇ ਸਮੂਹ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੇ ਵਿਰੋਧ ਪ੍ਰਗਟਾਵੇ ਦੇ ਅਧਿਕਾਰ ਨੂੰ ਵੀ ਪੰਜਾਬ ਸਰਕਾਰ ਖ਼ਤਮ ਕਰਨ ਦੇ ਰਾਹ ਵੱਲ ਤੁਰੀ ਹੋਈ ਹੈ, ਜਿਸਦਾ ਕਾਮੇ ਡੱਟ ਕੇ ਵਿਰੋਧ (Protest)  ਕਰ ਰਹੇ ਹਨ ਤੇ ਵਿਰੋਧ ਇਸੇ ਤਰਾਂ ਜਾਰੀ ਰਹੇਗਾ |