Site icon TheUnmute.com

ਸ਼ਰਧਾਲੂ ਲੜਕੀ ਅਤੇ ਪਹਿਰੇਦਾਰ ਦੀ ਗੱਲਬਾਤ ਨੂੰ ਨਕਾਰਾਤਮਕ ਤੌਰ ’ਤੇ ਪੇਸ਼ ਨਾ ਕੀਤਾ ਜਾਵੇ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 17 ਅਪ੍ਰੈਲ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਇਕ ਪਹਿਰੇਦਾਰ ਵਿਚਕਾਰ ਹੋਈ ਗੱਲਬਾਤ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਐਡਵੋਕੇਟ ਧਾਮੀ (Harjinder Singh Dhami) ਨੇ ਕਿਹਾ ਕਿ ਮਹਿਜ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜ੍ਹਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਦਾ ਸਰਬਸਾਂਝਾ ਅਸਥਾਨ ਹੈ ਅਤੇ ਇਥੇ ਪੁੱਜਣ ਵਾਲੇ ਸ਼ਰਧਾਲੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ’ਤੇ ਗਲਤ ਪ੍ਰਾਪੇਗੰਡਾ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਾਰਵਾਈ ਹੈ, ਜਿਸ ਤੋਂ ਬਚਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਹਾਲੀਆ ਵਾਪਰੀ ਘਟਨਾ ਵਿਚ ਇਕ ਲੜਕੀ ਨੂੰ ਪਹਿਰੇਦਾਰ ਵੱਲੋਂ ਮਰਯਾਦਾ ਦੇ ਪਾਲਣ ਲਈ ਕਿਹਾ ਗਿਆ ਸੀ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਵੀ ਆਰੰਭ ਦਿੱਤੀ ਹੈ, ਪਰੰਤੂ ਫਿਰ ਵੀ ਮਾਮਲੇ ਨੂੰ ਕੁਝ ਲੋਕ ਜਾਣਬੁਝ ਕੇ ਗਲਤ ਦਿਸ਼ਾ ਵਿਚ ਵਧਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਦੀ ਇਕ ਮਰਯਾਦਾ ਨਿਰਧਾਰਤ ਹੁੰਦੀ ਹੈ, ਜਿਸ ਦਾ ਸੰਗਤ ਨੂੰ ਪਾਲਣ ਕਰਨਾ ਲਾਜ਼ਮੀ ਹੁੰਦਾ ਹੈ। ਕਈ ਵਾਰ ਕੁਝ ਲੋਕ ਜਾਣਬੁਝ ਕੇ ਮਰਯਾਦਾ ਵਿਰੁੱਧ ਕਾਰਵਾਈਆਂ ਕਰ ਦਿੰਦੇ ਹਨ, ਜਿਸ ਕਰਕੇ ਪਹਿਰੇਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਪੁੱਜਣ ਸਮੇਂ ਮਰਯਾਦਾ ਦਾ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Exit mobile version