ਚੰਡੀਗੜ, 06 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਕਾਰਵਾਈ ਕਰਦਿਆਂ, ਪੰਜਾਬ ਪੁਲਿਸ (Punjab Police) ਨੇ ਵੀਰਵਾਰ ਨੂੰ ਸੂਬੇ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਿਤ ਕਾਲੋਨੀਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀਏਐਸਓ) ਚਲਾਇਆ । ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦੀ ਗਈ ।
ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਸੀਪੀਜ/ਐਸਐਸਪੀਜ ਨੂੰ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੇ ਵਿਚਕਾਰ ਇਸ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਯੋਜਨਾ ਬਣਾਕੇ ਨੇਪਰੇ ਚੜਾਉਣ ਲਈ ਕਿਹਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਸੀ ਤਾਂ ਜੋ ਸਮਾਜ ਵਿਚੋਂ ਗ਼ੈਰ-ਸਮਾਜੀ ਤੱਤਾਂ ਦੇ ਖੌਫ ਨੂੰ ਘਟਾਇਆ ਜਾ ਸਕੇ।
ਉਨਾਂ ਦੱਸਿਆ ਕਿ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 2500 ਪੁਲਿਸ ਮੁਲਾਜਮਾਂ ਦੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ ਤੋਂ ਇਲਾਵਾ ਕਿਰਾਏ ਦੀ ਰਿਹਾਇਸ ‘ਤੇ ਰਹਿ ਰਹੇ ਕਿਰਾਏਦਾਰਾਂ ਦੀ ਤਫ਼ਤੀਸ਼ (ਵੈਰੀਫਿਕੇਸ਼ਨ) ਬਾਰੇ ਵੀ ਪੁੱਛਗਿੱਛ ਕੀਤੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ (Punjab Police) ਨੇ ਅਪਰੇਸ਼ਨ ਦੌਰਾਨ 5869 ਘਰਾਂ ਦੀ ਚੈਕਿੰਗ ਕਰਨ ਲਈ 866 ਤੋਂ ਵੱਧ ਕਲੋਨੀਆਂ ਨੂੰ ਘੇਰਾ ਪਾਇਆ ਅਤੇ 322 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਤੇ ਜਿਨਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਚਾਰ ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ, 66.5 ਗ੍ਰਾਮ ਹੈਰੋਇਨ ਅਤੇ 11 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਵਿੱਚ ਵੀ ਸਹਾਈ ਹੁੰਦੇ ਹਨ।