ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਵਿਚ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ (Satyendra Jain) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅਦਾਲਤ ਵੱਲੋਂ 16 ਨਵੰਬਰ ਨੂੰ ਆਪਣਾ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ।
ਜੈਨ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਪ੍ਰੈਲ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀਆਂ ਜਾਇਦਾਦਾਂ ਸ਼ਾਮਲ ਹਨ।