ਚੰਡੀਗੜ੍ਹ 03 ਅਕਤੂਬਰ 2022: ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਪੰਜਾਬ ਡੀਜੀਪੀ ਦੇ ਨਿਰਦੇਸ਼ਾਂ ਤਹਿਤ ਬਰਖ਼ਾਸਤ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ |
ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਗ੍ਰਿਫਤਾਰ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਜ਼ਿਕਰਯੋਗ ਹੈ ਉਕਤ ਦਾ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।
ਬੀਤੇ ਦਿਨ ਮਾਨਸਾ ਦੇ ਐਸਐਸਪੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਦੇਰ ਰਾਤ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਬਿਨਾਂ ਕਿਸੇ ਸੁਰੱਖਿਆ ਮੁਲਾਜ਼ਮ ਦੇ ਆਪਣੀ ਨਿੱਜੀ ਗੱਡੀ ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਇਕੱਲਿਆਂ ਲੈ ਕੇ ਜਾ ਰਿਹਾ ਸੀ। ਇੱਥੋਂ ਦੀਪਕ ਟੀਨੂੰ ਚਕਮਾ ਦੇ ਕੇ ਫਰਾਰ ਹੋ ਗਿਆ, ਜਿਸ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਤੁਰੰਤ ਕਾਰਵਾਈ ਕੀਤੀ। ਇਸ ਦੇ ਨਾਲ ਹੀ ਉਸ ਨੂੰ ਨੌਕਰੀ ਤੋਂ ਵੀ ਬਰਖ਼ਾਸਤ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਲੱਭਣ ਲਈ ਪੁਲਿਸ ਦੀਆਂ ਹੋਰ ਟੀਮਾਂ ਮਾਨਸਾ ਤੋਂ ਰਵਾਨਾ ਹੋ ਗਈਆਂ ਹਨ |