Indian Army

Indian Army: ਪਠਾਨਕੋਟ ਦੇ ਕਿਸਾਨ ਦੀ ਧੀ ਭਾਰਤੀ ਫੌਜ ‘ਚ ਬਣੀ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 07 ਸਤੰਬਰ 2024: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਮੋਹਾਲੀ ਦੀਆਂ ਪ੍ਰਾਪਤੀਆਂ ਦੀ ਸੂਚੀ ‘ਚ ਅੱਜ ਇੱਕ ਹੋਰ ਨਾਂ ਦਰਜ ਹੋਇਆ ਹੈ | ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ (Indian Army) ‘ਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ‘ਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਅੱਜ ਨੂੰ ਪੱਲਵੀ ਰਾਜਪੂਤ ਨੇ ਪਾਸਿੰਗ ਆਊਟ ਪਰੇਡ ‘ਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਵੱਲੋਂ ਕੀਤਾ ਗਿਆ ।

ਜਿਕਰਯੋਗ ਹੈ ਕਿ ਆਰਟਿਲਰੀ ਰੈਜੀਮੈਂਟ ‘ਚ ਕਮਿਸ਼ਨਡ ਅਫ਼ਸਰ ਵਜੋਂ ਹੋਈ ਨਿਯੁਕਤ ਲੈਫਟੀਨੈਂਟ ਪੱਲਵੀ ਰਾਜਪੂਤ (Pallavi Rajput) ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਪੱਲਵੀ ਨੇ ਭਾਰਤੀ ਫੌਜ (Indian Army) ‘ਚ ਭਰਤੀ ਹੋ ਕੇ ਆਪਣੇ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ |

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਨ੍ਹਾਂ ਦੀ ਪ੍ਰਾਪਤੀ ‘ਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੱਲਵੀ ਦੀ ਸਫ਼ਲਤਾ ਸੂਬੇ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ‘ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐਫ.ਪੀ.ਆਈ. ‘ਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ‘ਚ ਕੁੜੀਆਂ ਲਈ ਇੱਕ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ NDA ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ‘ਚ ਰੱਖੀ ਗਈ ਹੈ।

 

Scroll to Top