Ashish Mishra

SC ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ, ਯੂਪੀ ਸਰਕਾਰ ਨੇ ਪਟੀਸ਼ਨ ਦਾ ਕੀਤਾ ਵਿਰੋਧ

ਚੰਡੀਗੜ੍ਹ 19 ਜਨਵਰੀ 2023: ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ‘ਚ ਮੁਲਜ਼ਮ ਆਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਘਟਨਾ ਦੇ ਚਸ਼ਮਦੀਦ ਗਵਾਹ ਨੇ ਮਿਸ਼ਰਾ ਨੂੰ ਮੌਕੇ ਤੋਂ ਭੱਜਦੇ ਦੇਖਿਆ ਸੀ ਅਤੇ ਇਸ ਗੱਲ ਦਾ ਚਾਰਜਸ਼ੀਟ ‘ਚ ਵੀ ਜ਼ਿਕਰ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਅਦਾਲਤ ‘ਚ ਕਿਹਾ ਕਿ ਅਪਰਾਧ ਗੰਭੀਰ ਸ਼੍ਰੇਣੀ ਦਾ ਹੈ ਅਤੇ ਅਜਿਹੇ ‘ਚ ਦੋਸ਼ੀਆਂ ਨੂੰ ਜ਼ਮਾਨਤ ਦੇਣ ਨਾਲ ਸਮਾਜ ‘ਤੇ ਬੁਰਾ ਪ੍ਰਭਾਵ ਪਵੇਗਾ |

ਦੱਸ ਦੇਈਏ ਕਿ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਸ਼ੀਸ਼ ਮਿਸ਼ਰਾ ਨੇ ਅਲਾਹਾਬਾਦ ਹਾਈਕੋਰਟ ਦੇ ਉਸ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਹਾਈਕੋਰਟ ਨੇ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਜਦੋਂ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਦਾ ਕਾਰਨ ਪੁੱਛਿਆ ਤਾਂ ਉੱਤਰ ਪ੍ਰਦੇਸ਼ ਸਰਕਾਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੇ ਬੈਂਚ ਨੂੰ ਕਿਹਾ ਕਿ ਇਹ ਅਪਰਾਧ ਗੰਭੀਰ ਸ਼੍ਰੇਣੀ ਦਾ ਹੈ ਅਤੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਵੇਗਾ।

ਆਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰ ਰਹੇ ਲੋਕਾਂ ਦੀ ਤਰਫੋਂ ਸੀਨੀਅਰ ਵਕੀਲ ਦੁਸ਼ਯੰਤ ਦਵੇ ਅਦਾਲਤ ਵਿੱਚ ਪੇਸ਼ ਹੋਏ। ਦੁਸ਼ਯੰਤ ਦਵੇ ਨੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤ ਦੇਣ ਨਾਲ ਸਮਾਜ ਵਿਚ ਗਲਤ ਸੰਦੇਸ਼ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਸਾਜ਼ਿਸ਼ ਅਤੇ ਸੋਚਿਆ ਸਮਝਿਆ ਕਤਲ ਸੀ | ਦਵੇ ਨੇ ਦੱਸਿਆ ਕਿ ਮੁਲਜ਼ਮ ਇੱਕ ਪ੍ਰਭਾਵਸ਼ਾਲੀ ਵਿਅਕਤੀ ਦਾ ਲੜਕਾ ਹੈ ਅਤੇ ਉਸ ਦਾ ਕੇਸ ਵੀ ਸੀਨੀਅਰ ਵਕੀਲਾਂ ਵੱਲੋਂ ਲੜਿਆ ਜਾ ਰਿਹਾ ਹੈ।

ਆਸ਼ੀਸ਼ ਮਿਸ਼ਰਾ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਦਾਲਤ ‘ਚ ਪੇਸ਼ ਹੋਏ ਅਤੇ ਦੁਸ਼ਯੰਤ ਦਵੇ ਦੀ ਦਲੀਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਹ ਕੌਣ ਹੈ? ਇਹ ਕਿੰਨਾ ਸ਼ਕਤੀਸ਼ਾਲੀ ਹੈ? ਕੀ ਇਹ ਜ਼ਮਾਨਤ ਨਾ ਦੇਣ ਦਾ ਕਾਰਨ ਹੈ? ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਉਸ ਦਾ ਮੁਵੱਕਿਲ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ ਅਤੇ ਜਿਸ ਤਰ੍ਹਾਂ ਨਾਲ ਮੁਕੱਦਮਾ ਚੱਲ ਰਿਹਾ ਹੈ, ਉਸ ਨੂੰ ਪੂਰਾ ਹੋਣ ਵਿੱਚ 7-8 ਸਾਲ ਲੱਗ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਕਰਨ ਵਾਲਾ ਜਗਜੀਤ ਸਿੰਘ ਕੋਈ ਚਸ਼ਮਦੀਦ ਗਵਾਹ ਨਹੀਂ ਹੈ ਅਤੇ ਉਸ ਦੀ ਸ਼ਿਕਾਇਤ ਸਿਰਫ਼ ਸੁਣਨ ’ਤੇ ਆਧਾਰਿਤ ਹੈ। ਮੁਕੁਲ ਰੋਹਤਗੀ ਨੇ ਇਹ ਵੀ ਕਿਹਾ ਕਿ ਉਸ ਦਾ ਮੁਵੱਕਿਲ ਅਪਰਾਧੀ ਨਹੀਂ ਹੈ ਅਤੇ ਉਸ ਦਾ ਕੋਈ ਅਪਰਾਧਿਕ ਇਤਿਹਾਸ ਨਹੀਂ ਹੈ। ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

Scroll to Top