Shiromani Committee

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 16 ਜੂਨ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਉੱਚ ਪੱਧਰੀ ਵਫ਼ਦ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਉਨ੍ਹਾਂ ਕੋਲ ਕਈ ਅਹਿਮ ਸਿੱਖ ਮਸਲਿਆਂ ਦੇ ਮੁੱਦਿਆਂ ਨੂੰ ਚੁੱਕਿਆ |

ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ | ਵਫ਼ਦ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜਿਆ ਸਿੱਖ ਮਸਲਿਆਂ ਬਾਰੇ ਪੱਤਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਸੌਂਪਦਿਆਂ ਇਨ੍ਹਾਂ ਦੇ ਸਰਲੀਕਰਨ ਦੀ ਮੰਗ ਕੀਤੀ |

ਵਫ਼ਦ ਦੇ ਆਗੂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਜੰਮੂ ਕਸ਼ਮੀਰ ’ਚ ਸਿੱਖਾਂ ਨੂੰ ਘੱਟਗਿਣਤੀ ਸਿੱਖਾਂ ਦਾ ਦਰਜਾ ਦੇ ਕੇ ਸਰਕਾਰੀ ਨੌਕਰੀਆਂ ਤੇ ਅਦਾਰਿਆਂ ਵਿਚ ਸਿੱਖ ਕੋਟਾਂ ਨਿਰਧਾਰਤ ਕਰਨ, ਵਿਦੇਸ਼ਾਂ ਵਿਚ ਸਿੱਖਾਂ ’ਤੇ ਨਸਲੀ ਹਮਲੇ ਰੋਕਣ ਲਈ ਕੂਟਨੀਤਕ ਪੱਧਰ ’ਤੇ ਉਪਰਾਲੇ ਕਰਨ, ਸਿਕਲੀਗਰ ਤੇ ਵਣਜਾਰੇ ਸਿੱਖਾਂ ਦੀ ਆਰਥਕ ਹਾਲਤ ਸੁਧਾਰਨ ਲਈ ਸਬੰਧਤ ਰਾਜਾਂ ’ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਉਨ੍ਹਾਂ ਦੇ ਉਜਾੜੇ ਨੂੰ ਰੋਕਣ, ਪ੍ਰੀਖਿਆਵਾਂ ਦੌਰਾਨ ਕਕਾਰ ਉਤਾਰਨ ਦਾ ਮਾਮਲਾ ਅਤੇ ਘਰੇਲੂ ਉਡਾਣਾਂ ਦੀ ਤਰਜ਼ ’ਤੇ ਕੌਮਾਂਤਰੀ ਯਾਤਰਾ ਦੌਰਾਨ ਕਿਰਪਾਨ ਦੀ ਛੋਟ ਦੇਣ, ਵੱਖ-ਵੱਖ ਬੋਰਡਾਂ ਤੇ ਯੂਨੀਵਰਸਿਟੀਆਂ ਦੇ ਪਾਠਕ੍ਰਮਾਂ ਵਿਚ ਸਿੱਖ ਇਤਿਹਾਸ ਸ਼ਾਮਲ ਕਰਨ ਲਈ ਕਿਹਾ | ਇਸਦੇ ਨਾਲ ਹੀ ਹੋਰ ਕਈ ਅਹਿਮ ਸਿੱਖ ਮੁੱਦਿਆਂ ‘ਤੇ ਚਰਚਾ ਕੀਤੀ |

ਇਸ ਦੌਰਾਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ‘ਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸ. ਸਤਵਿੰਦਰ ਸਿੰਘ ਟੌਹੜਾ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਅਤੇ ਸ. ਜਸਕਰਨ ਸਿੰਘ ਮੌਜੂਦ ਰਹੇ ।

Scroll to Top