July 4, 2024 11:09 pm
ਬ੍ਰਮ ਸ਼ੰਕਰ ਜਿੰਪਾ

ਪੰਜਾਬ ’ਚ ਵਿਕਾਸ ਕਾਰਜ ਨਿਸ਼ਚਿਤ ਸਮੇਂ ’ਚ ਮੁਕੰਮਲ ਕਰਵਾਏ ਜਾ ਰਹੇ ਹਨ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ 16 ਨਵੰਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਸ਼ਚਿਤ ਸਮੇਂ ਵਿਚ ਵਿਕਾਸ ਕਾਰਜ ਮੁਕੰਮਲ ਕਰਵਾ ਰਹੀ ਹੈ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ ਵਿਚ ਦੇਰੀ ਨਾ ਹੋਵੇ। ਉਹ ਅੱਜ ਵਾਰਡ ਨੰਬਰ 20 ਆਦਰਸ਼ ਕਲੋਨੀ ਵਿਚ 33 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਦਰਸ਼ ਕਲੋਨੀ ਸ਼ਹਿਰ ਦਾ ਬਾਹਰੀ ਇਲਾਕਾ ਹੈ ਅਤੇ ਇਸ ਇਲਾਕੇ ਵਿਚ ਲੋਕਾਂ ਨੂੰ ਕਾਫ਼ੀ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਦਿੱਕਤ ਆ ਰਹੀ ਸੀ ਅਤੇ ਟੈਂਕਰਾਂ ਰਾਹੀਂ ਇਲਾਕੇ ਦੇ ਲੋਕਾਂ ਤੱਕ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਂਦਾ ਸੀ। ਇਸ ਲਈ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪਹਿਲ ਦੇ ਆਧਾਰ ’ਤੇ ਇਥੇ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਵਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚ ਸਕੇ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਲਾਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿਚ ਫੰਡਾਂ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਤਵੰਤ ਸਿੰਘ ਸਿਆਨ, ਸੁਮੇਸ਼ ਸੋਨੀ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।