Raj jit Singh

ਬਰਖ਼ਾਸਤ ਪੁਲਿਸ ਅਫ਼ਸਰ ਰਾਜਜੀਤ ਸਿੰਘ ਦੀ ਮੁਸ਼ਕਿਲਾਂ ਵਧੀਆਂ, ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ

ਚੰਡੀਗੜ੍ਹ, 20 ਅਪ੍ਰੈਲ 2023: ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ ‘ਚ ਭਗੌੜੇ ਏਆਈਜੀ ਰਾਜਜੀਤ (Rajjit Singh) ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਰਾਜਜੀਤ ‘ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ ਤੋੜਨ ਅਤੇ ਜਬਰੀ ਵਸੂਲੀ ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਿਕ, ਰਾਜਜੀਤ ਸਿੰਘ ਖਿਲਾਫ਼ 120 ਬੀ, 218 ਅਤੇ 384 ਸਮੇਤ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 59 ਅਤੇ 39 ਵੀ ਲਾਈਆਂ ਗਈਆਂ ਹਨ।

ਜਿਕਰਯੋਗ ਹੈ ਕਿ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾ ਚੁੱਕਾ ਹੈ । ਇਸ ਮਾਮਲੇ ਵਿੱਚ ਏਆਈਜੀ ਰਾਜਜੀਤ ਸਿੰਘ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦਿਆਂ ਝੂਠਾ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ, ਇੰਦਰਜੀਤ ਨੂੰ ਤਰੱਕੀ ਦੇਣ ਅਤੇ ਡਰੱਗ ਮਾਮਲੇ ਵਿੱਚ ਬਚਾਅ ਕਰਨ ਦੀ ਕੋਸ਼ਿਸ਼ ਕਰਨ ਦੇ ਵੀ ਦੋਸ਼ ਹਨ।

ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਅਤੇ ਏਆਈਜੀ ਰਾਜਜੀਤ ਸਿੰਘ ਦੇ ਸਬੰਧਾਂ ਦੀ ਜਾਂਚ ਲਈ ਏਡੀਜੀਪੀ ਆਰ.ਕੇ ਜੈਸਵਾਲ ਦੀ ਪ੍ਰਧਾਨਗੀ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਆਰਕੇ ਜੈਸਵਾਲ ਇੱਕ ਮਹੀਨੇ ਵਿੱਚ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਸੂਬਾ ਸਰਕਾਰ ਨੂੰ ਸੌਂਪਣਗੇ।

ਮੁਲਜ਼ਮ ਏਆਈਜੀ ਰਾਜਜੀਤ ਸਿੰਘ (Rajjit Singh) ਦਾ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਸ ਨੂੰ ਲੱਭਣ ਲਈ ਐਸਟੀਐਫ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਵੀ ਕਰ ਰਹੀ ਹੈ। ਵਿਜੀਲੈਂਸ ਨੇ ਮੁਲਜ਼ਮ ਰਾਜਜੀਤ ਅਤੇ ਇੰਦਰਜੀਤ ਸਿੰਘ ਦਾ ਸਰਵਿਸ ਰਿਕਾਰਡ ਵੀ ਜ਼ਬਤ ਕਰ ਲਿਆ ਹੈ।

Scroll to Top