ਚੰਡੀਗੜ੍ਹ 26 ਨਵੰਬਰ 2022: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਮੁਤਾਬਕ ਅੱਜ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ ਵਿਸ਼ਾਲ ਰੋਸ ਮਾਰਚ ਕਰ ਕੇ ਗਵਰਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ । ਇਸੇ ਤਹਿਤ ਦੇਸ਼ ਵਿਆਪੀ ਸੱਦੇ ਤਹਿਤ ਕਿਸਾਨਾਂ ਵਲੋਂ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਮੋਹਾਲੀ ਪਹੁੰਚ ਚੁੱਕੀਆਂ ਹਨ |
ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਇਸ ਮਾਰਚ ਤੋਂ ਪਹਿਲਾ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਸਾਹਮਣੇ ਮੈਦਾਨ ਦੁਪਹਿਰ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਰਾਜ ਭਵਨ ਵੱਲ ਮਾਰਚ ਕਰ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜਿਕਰਯੋਗ ਹੈ ਕਿ ਪੰਜਾਬ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਇਕੱਠ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਝੰਡੇ ਥੱਲੇ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਅੰਬ ਸਾਹਿਬ ਗੁਰਦੁਆਰੇ ਕੋਲ ਇਕੱਠੀਆਂ ਹੋਈਆਂ ਹਨ |
ਗੱਲਬਾਤ ਦੌਰਾਨ ਕਿਸਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰ ਨੇ ਕਿਹਾ ਕਿ ਅੱਜ ਦੇਸ਼ ਭਰ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਣਾ ਹੈ। ਉਨ੍ਹਾਂ ਲਈ ਲੁਧਿਆਣਾ ਤੋਂ ਚੰਡੀਗੜ੍ਹ ਲਈ ਇਕ ਟੀਮ ਵੀ ਰਵਾਨਾ ਹੋ ਗਈ ਹੈ, ਜੋ ਉਥੇ ਜਾ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪੇਗੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ 25 ਰਾਜਾਂ ਦੇ ਕਿਸਾਨ ਰਾਜਪਾਲਾਂ ਨੂੰ ਮੰਗ ਪੱਤਰ ਸੌਂਪ ਰਹੇ ਹਨ। ਇਸ ਵਿੱਚ ਕਿਸਾਨਾਂ ਦੀਆਂ ਪਿਛਲੀਆਂ ਮੰਗਾਂ ਅਤੇ ਕੁਝ ਨਵੀਆਂ ਮੰਗਾਂ ਹਨ।
ਕਿਸਾਨਾਂ ਦੀ ਇਨ੍ਹਾਂ ਮੰਗਾਂ ਵਿੱਚ ਐੱਮ ਐੱਸ ਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ , ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਕਤਲੇਆਮ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਆਦਿ ਸ਼ਾਮਲ ਹਨ |