ਚੰਡੀਗੜ੍ਹ 26 ਨਵੰਬਰ 2022: ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਰਾਜਪਾਲ ਦੇ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ |ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 8 ਦਸੰਬਰ ਨੂੰ ਮੀਟਿੰਗ ਤੋਂ ਬਾਅਦ ਉਹ ਅਗਲੀ ਰਣਨੀਤੀ ਤੈਅ ਕਰਨਗੇ।
ਵੱਡੀ ਗਿਣਤੀ ਵਿੱਚ ਪੰਜਾਬ ਦੇ ਮੋਹਾਲੀ ਵਿਖੇ ਗੁਰਦੁਆਰਾ ਅੰਬ ਸਾਹਿਬ ਦੇ ਕੋਲ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਇਕੱਠੇ ਹੋਏ ਸਨ, ਉਸਤੋਂ ਬਾਅਦ ਕਿਸਾਨਾਂ ਨੇ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਰਾਜ ਭਵਨ ਵੱਲ ਰੁਖ ਕੀਤਾ | ਇਸ ਵਿੱਚ ਸੂਬੇ ਦੇ ਹਿੱਸਿਆਂ ਤੋਂ ਲਗਭਗ 32 ਯੂਨੀਅਨਾਂ ਦੇ ਕਿਸਾਨ ਇੱਥੇ ਪਹੁੰਚੇ |
ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਵਲੋਂ ਮੋਹਾਲੀ ਸਰਹੱਦ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ । ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਾਰੇ ਵੱਡੇ ਅਧਿਕਾਰੀ ਸਰਹੱਦ ‘ਤੇ ਮੌਜੂਦ ਰਹੇ ।ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਡੀਜੀਪੀ ਗੌਰਵ ਯਾਦਵ, ਏਡੀਜੀਪੀ ਅਤੇ ਡੀਆਈਜੀ ਗੁਰਪ੍ਰੀਤ ਭੁੱਲਰ ਵੀ ਮੌਕੇ ’ਤੇ ਪਹੁੰਚ ਸਨ ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਪੰਜਾਬ ਰਾਜਪਾਲ ਨੂੰ ਕੇਂਦਰ ਸਰਕਾਰ ਵਲੋਂ ਕੀਤੇ ਵਾਅਦੇ ਅਨਸੁਾਰ ਐੱਮ ਐੱਸ ਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ , ਲਖੀਮਪੁਰ ਖੀਰੀ ‘ਚ ਕਿਸਾਨਾਂ ਦੇ ਕਤਲੇਆਮ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਆਦਿ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ ਹੈ | ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅੰਤ ਵਿੱਚ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਜੋ ਅਜੇ ਤੱਕ ਪੂਰੇ ਨਹੀਂ ਹੋਏ।