ਚੰਡੀਗੜ੍ਹ, 24 ਮਾਰਚ 2023: ‘ਮੋਦੀ ਸਰਨੇਮ’ ਵਿਵਾਦ ‘ਚ ਰਾਹੁਲ ਗਾਂਧੀ (Rahul Gandhi) ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦੇਸ਼ ਦੀ ਸਿਆਸਤ ਪੂਰੀ ਤਰਾਂ ਭਖ ਗਈ ਹੈ। ਪਾਰਟੀ ਦੇ ਆਗੂਆਂ ਵਲੋਂ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਕਾਂਗਰਸ ਨੇ ਜਿੱਥੇ ਇਸ ਨੂੰ ਲੋਕਤੰਤਰ ਨੂੰ ਤਬਾਹ ਕਰਨ ਦੀ ਕੋਸ਼ਿਸ਼ ਦੱਸਿਆ, ਉਥੇ ਭਾਜਪਾ ਨੇ ਵੀ ਇਸ ਦਾ ਜਵਾਬ ਦਿੱਤਾ।
ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ (Kiren Rijiju) ਨੇ ਇਸ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਗਾਂਧੀ ਉਪਨਾਮ ਵਾਲੇ ਸਾਰੇ ਲੋਕਾਂ ਨੂੰ ਸਿਰਫ਼ ਇਸ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਰਤੀ ਲੋਕਤੰਤਰ, ਹਥਿਆਰਬੰਦ ਸੈਨਾਵਾਂ ਅਤੇ ਦੇਸ਼ ਦੀਆਂ ਸੰਸਥਾਵਾਂ ਦਾ ‘ਅਪਮਾਨ’ ਕੀਤਾ ਹੈ।
ਕੇਂਦਰੀ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਰਾਹੁਲ ਗਾਂਧੀ ਨੇ ਬਹੁਤ ਹੀ ਅਪਮਾਨਜਨਕ ਟਿੱਪਣੀ ਕੀਤੀ ਅਤੇ ਸਮੁੱਚੇ ਓਬੀਸੀ ਭਾਈਚਾਰੇ ਦਾ ਅਪਮਾਨ ਕੀਤਾ ਹੈ । ਹੈਰਾਨੀ ਦੀ ਗੱਲ ਹੈ ਕਿ ਕੁਝ ਕਾਂਗਰਸੀ ਆਗੂ ਇਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰਿਜਿਜੂ ਨੇ ਕਿਹਾ ਸੀ ਕਿ ਗਾਂਧੀ ਦੀ ਟਿੱਪਣੀ ਨੇ ਕਾਂਗਰਸ ਨੂੰ ਨੁਕਸਾਨ ਪਹੁੰਚਾਇਆ ਹੈ। ਰਾਹੁਲ ਦੀ ਬਦੌਲਤ ਸਮੁੱਚੀ ਕਾਂਗਰਸ ਪਾਰਟੀ ਦੀ ਕਿਸਮਤ ਡੁੱਬ ਰਹੀ ਹੈ।
2019 ਦੀਆਂ ਲੋਕ ਸਭਾ ਚੋਣਾਂ ਲਈ ਕਰਨਾਟਕ ਦੇ ਕੋਲਾਰ ਵਿੱਚ ਇੱਕ ਰੈਲੀ ਵਿੱਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਵੇਂ ਹੈ? ਇਸ ਨੂੰ ਲੈ ਕੇ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਰਾਹੁਲ ਗਾਂਧੀ (Rahul Gandhi) ‘ਤੇ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ।
ਉਨ੍ਹਾਂ ਦਾ ਇਲਜ਼ਾਮ ਸੀ ਕਿ ਰਾਹੁਲ ਨੇ ਆਪਣੀ ਟਿੱਪਣੀ ਨਾਲ ਪੂਰੇ ਮੋਦੀ ਭਾਈਚਾਰੇ ਦੇ ਮਾਣ ਨੂੰ ਢਾਹ ਲਾਈ ਹੈ। ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਇਸ ਮਾਮਲੇ ਨਾਲ ਸਬੰਧਤ ਟਿੱਪਣੀਆਂ ਕੀਤੀਆਂ ਸਨ।