July 4, 2024 3:00 pm
ਢਿੱਲੋਂ ਭਰਾਵਾਂ

ਢਿੱਲੋਂ ਭਰਾਵਾਂ ਦੇ ਪਿਤਾ ਦੀ ਪੁਲਿਸ ਨੂੰ ਚਿਤਾਵਨੀ, ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਕਰਾਂਗੇ ਵੱਡਾ ਸੰਘਰਸ਼

ਚੰਡੀਗੜ੍ਹ, 5 ਸਤੰਬਰ 2023: ਜਲੰਧਰ ਦੇ ਥਾਣਾ ਡਿਵੀਜ਼ਨ-1 ਵਿਖੇ ਕੁੱਟਮਾਰ ਅਤੇ ਪਰੇਸ਼ਾਨ ਕਰਨ ਦੇ ਮਾਮਲੇ ‘ਚ ਗੋਇੰਦਵਾਲ ਪੁੱਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰ ਪਾਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਜਸ਼ਨਬੀਰ ਦੀ ਲਾਸ਼ ਮਿਲਣ ਤੋਂ ਬਾਅਦ ਮਾਮਲਾ ਦਰਜ ਹੋਏ 3 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਨਾ ਤਾਂ ਐੱਸਐੱਚਓ ਨਵਦੀਪ ਸਿੰਘ ਅਤੇ ਨਾ ਹੀ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਹੋਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਤਿੰਨਾਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਬੁੱਧਵਾਰ ਨੂੰ ਉਨ੍ਹਾਂ ਦੇ ਲੜਕੇ ਜਸ਼ਨਬੀਰ ਦੀ ਮ੍ਰਿਤਕ ਦੇਹ ਨੂੰ ਕਪੂਰਥਲਾ ਹਸਪਤਾਲ ਦੇ ਮੁਰਦਾਘਰ ਤੋਂ ਜਲੰਧਰ ਲੈ ਕੇ ਆਉਣਗੇ। ਇਸ ਤੋਂ ਬਾਅਦ ਉਹ ਮ੍ਰਿਤਕ ਦੇਹ ਨੂੰ ਜਲੰਧਰ ਤੋਂ ਚੰਡੀਗੜ੍ਹ ਲੈ ਕੇ ਜਾਣਗੇ ਅਤੇ ਉਥੇ ਜਾ ਕੇ ਵੱਡਾ ਸੰਘਰਸ਼ ਸ਼ੁਰੂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਲੱਭਣ ਵਿੱਚ ਨਾ ਤਾਂ ਪੁਲਿਸ ਪ੍ਰਸ਼ਾਸਨ ਨੇ ਕੋਈ ਮੱਦਦ ਕੀਤੀ ਅਤੇ ਨਾ ਹੀ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।

ਥਾਣਾ ਇੰਚਾਰਜ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਫ਼ਰਾਰ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਭਰਾਵਾਂ ‘ਚੋਂ ਜਸ਼ਨਵੀਰ ਦੀ ਲਾਸ਼ ਮਿਲਣ ਮਗਰੋਂ ਮੁਲਾਜ਼ਮਾਂ ਖ਼ਿਲਾਫ਼ ਕਥਿਤ ਤੌਰ ‘ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।ਹੁਣ ਫ਼ਰਾਰ ਹੋਣ ਮਗਰੋਂ ਇਨ੍ਹਾਂ ਪੁਲਿਸ ਵਾਲਿਆਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ।