Attari

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਹਲਕਾ ਅਟਾਰੀ ਵਿਖੇ ਹੋਇਆ ਪਹਿਲਾ ਸਮਾਗਮ

ਅੰਮ੍ਰਿਤਸਰ 18 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ (Attari) ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾ ਵਿਖੇ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਕਾਨੂੰਨੀ ਪੱਖ ਤੋਂ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਸਿੱਖ ਭਾਵਨਾਵਾਂ ਨੂੰ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਾਉਣ ਲਈ ਦਸਤਖ਼ਤੀ ਮੁਹਿੰਮ ਆਰੰਭੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਫ਼ਾਰਮ ਭਰੇ ਜਾ ਚੁੱਕੇ ਹਨ ਅਤੇ ਹੁਣ ਇਸ ਲਹਿਰ ਨੂੰ ਹੋਰ ਤੇਜ ਕੀਤਾ ਜਾ ਰਿਹਾ ਹੈ। ਸੰਗਤਾਂ ਨੂੰ ਇਸ ਲਹਿਰ ਨਾਲ ਜੋੜਨ ਲਈ ਪੰਜਾਬ ਦੇ ਹਰ ਹਲਕੇ ਵਿਚ ਸਮਾਗਮ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਚ ਸੰਗਤ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।

May be an image of 1 person, sitting and standing

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਸ ਮੁਹਿੰਮ ਵਿਚ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਸੰਗਤ ਨੇ ਪ੍ਰੋਫਾਰਮੇ ਵੀ ਭਰੇ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਜਿਥੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਥੇ ਹੀ ਢਾਡੀ, ਕਵੀਸ਼ਰ ਤੇ ਪ੍ਰਚਾਰਕ ਜਥਿਆਂ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ।

ਸਮਾਗਮ ’ਚ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸਾਬਕਾ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਬੀਬੀ ਕੰਵਲਜੀਤ ਕੌਰ ਰਣੀਕੇ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਅਮਰੀਕ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਸ. ਰਾਜਿੰਦਰ ਸਿੰਘ ਰੂਬੀ, ਪ੍ਰਿੰਸੀਪਲ ਮਨਜੀਤ ਕੌਰ, ਮੈਨੇਜਰ ਸ. ਗੁਰਬਖ਼ਸ਼ ਸਿੰਘ ਬੱਚੀਵਿੰਡ, ਸ. ਗੁਰਪ੍ਰੀਤ ਸਿੰਘ ਖੈਰਾਬਾਦ, ਸ. ਹਰਜੀਤ ਸਿੰਘ, ਸ. ਪ੍ਰੇਮ ਸਿੰਘ ਸ਼ਾਹ, ਸ. ਅਮਨਪ੍ਰੀਤ ਸਿੰਘ ਕੋਟਲੀ ਸਾਬਕਾ ਸਰਪੰਚ, ਪ੍ਰਧਾਨ ਸ. ਗੁਰਦਿਆਲ ਸਿੰਘ ਬਾਸਰਕੇ, ਸ. ਗੁਲਜ਼ਾਰ ਸਿੰਘ ਆੜਤੀ, ਸ. ਬਸੰਤ ਸਿੰਘ ਖਾਲਸਾ, ਸ. ਦਿਲਰਾਜ ਸਿੰਘ ਗਿੱਲ, ਪ੍ਰਚਾਰਕ ਭਾਈ ਅਮਰ ਸਿੰਘ ਲੋਪੋਕੇ, ਭਾਈ ਮਲਕੀਤ ਸਿੰਘ ਸਖੀਰਾ, ਭਾਈ ਖਜ਼ਾਨ ਸਿੰਘ, ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਭੰਗੂ, ਭਾਈ ਗੁਰਭੇਜ ਸਿੰਘ ਚਵਿੰਡਾ, ਬੀਬੀ ਰੁਪਿੰਦਰ ਕੌਰ, ਕਵੀਸ਼ਰ ਭਾਈ ਸਤਨਾਮ ਸਿੰਘ ਮੱਲੋਵਾਲੀ, ਬੀਬੀ ਪ੍ਰਮਿੰਦਰ ਕੌਰ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Scroll to Top