ਸ੍ਰੀ ਕੀਰਤਪੁਰ ਸਾਹਿਬ, 03 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ (Hola Mohalla) ਸਿੱਖ ਕੌਮ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੀ ਹੈ | ਹੋਲੇ ਮਹੱਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ |
ਇਹ ਆਰੰਭਤਾ ਦੀ ਅਰਦਾਸ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਏ ਜਿਨ੍ਹਾਂ ਦਾ ਭੋਗ 5 ਮਾਰਚ ਨੂੰ ਪਾਇਆ ਜਾਵੇਗਾ | ਇਸ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਗੁਰਦੁਆਰਾ ਚਰਨ ਕਮਲ ਸਾਹਿਬ ਗੁਰਦਵਾਰਾ ਪਤਾਲਪੁਰੀ ਸਾਹਿਬ ਵਿਖੇ ਰਾਤ ਨੂੰ ਗੁਰਮਤਿ ਦੀਵਾਨ ਸਜਣਗੇ | ਇਸ ਮੌਕੇ ਪੰਥ ਦੇ ਮਹਾਨ ਕੀਰਤਨੀਏ ਅਤੇ ਢਾਡੀ ਜੱਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਜਸ ਗਾ ਕੇ ਨਿਹਾਲ ਕੀਤਾ ਜਾਵੇਗਾ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ (Hola Mohalla) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸਦੇ ਨਾਲ ਹੀ ਸੰਗਤਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਸੰਗਤ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਈ ਸੰਗਤਾਂ ਵੱਲੋਂ ਲੰਗਰ ਵੀ ਲਗਾਏ ਗਏ ਹਨ |