ਚੰਡੀਗੜ੍ਹ, 24 ਜਨਵਰੀ 2023: ਇਨ੍ਹੀਂ ਦਿਨੀਂ ਪਾਕਿਸਤਾਨ ਆਰਥਿਕ ਸੰਕਟ ਨਾਲ ਘਿਰਿਆ ਹੋਇਆ ਹੈ। ਗੁਆਂਢੀ ਮੁਲਕ ਵਿੱਚ ਹਾਲਾਤ ਇੰਨੇ ਖ਼ਰਾਬ ਹਨ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਾਲ ਹੀ ਵਿੱਚ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਭਾਰਤ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਹੁਣ ਪਾਕਿਸਤਾਨੀ ਮੀਡੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਅਖਬਾਰ ‘ਦਿ ਐਕਸਪ੍ਰੈਸ ਟ੍ਰਿਬਿਊਨ’ ਨੇ ਖਬਰ ਦਿੱਤੀ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਕਿਸਤਾਨ ਦੇ ਚੀਫ ਜਸਟਿਸ ਉਮਰ ਅੱਤਾ ਬੰਦਿਆਲ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।
ਜੇਕਰ ਪਾਕਿਸਤਾਨੀ ਮੀਡੀਆ ਦੀ ਇਹ ਰਿਪੋਰਟ ਸਹੀ ਹੈ ਤਾਂ ਭਾਰਤ ਵੱਲੋਂ ਇਹ ਸੱਦਾ ਅਜਿਹੇ ਸਮੇਂ ਭੇਜਿਆ ਗਿਆ ਹੈ ਜਦੋਂ ਪਿਛਲੇ ਮਹੀਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਵਿਵਾਦਤ ਬਿਆਨ ਦਿੱਤਾ ਸੀ। ਜਿਸ ਕਾਰਨ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਆਪਣੇ ਹੀ ਦੇਸ਼ ਵਿੱਚ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਦਰਅਸਲ ਸੰਯੁਕਤ ਰਾਸ਼ਟਰ ਦੀ ਬੈਠਕ ‘ਚ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਪਾਕਿਸਤਾਨ ‘ਤੇ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਗਾਇਆ ਸੀ। ਜਿਸ ਦੇ ਜਵਾਬ ‘ਚ ਬਿਲਾਵਲ ਭੁੱਟੋ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ।
ਦੱਸ ਦੇਈਏ ਕਿ ਸ਼ੰਘਾਈ ਸਹਿਯੋਗ ਸੰਗਠਨ (SCO) ਇੱਕ ਸ਼ਕਤੀਸ਼ਾਲੀ ਖੇਤਰੀ ਮੰਚ ਹੈ, ਜਿਸ ਦੇ ਮੈਂਬਰਾਂ ਵਿੱਚ ਰੂਸ, ਚੀਨ, ਭਾਰਤ, ਪਾਕਿਸਤਾਨ ਅਤੇ ਈਰਾਨ ਦੇ ਨਾਲ-ਨਾਲ ਮੱਧ ਏਸ਼ੀਆ ਦੇ ਦੇਸ਼ ਵੀ ਸ਼ਾਮਲ ਹਨ। ਐਸਸੀਓ ਦੀ ਪ੍ਰਧਾਨਗੀ ਇਸ ਵੇਲੇ ਭਾਰਤ ਕੋਲ ਹੈ ਅਤੇ ਐਸਸੀਓ ਦੀਆਂ ਮੀਟਿੰਗਾਂ ਇਸ ਸਾਲ ਭਾਰਤ ਦੀ ਪ੍ਰਧਾਨਗੀ ਹੇਠ ਹੋਣੀਆਂ ਹਨ। ਇਨ੍ਹਾਂ ਵਿੱਚ ਐਸਸੀਓ ਮੈਂਬਰ ਦੇਸ਼ਾਂ ਦੇ ਮੁੱਖ ਜੱਜਾਂ ਅਤੇ ਵਿਦੇਸ਼ ਮੰਤਰੀਆਂ ਦੀਆਂ ਮੀਟਿੰਗਾਂ ਸ਼ਾਮਲ ਹਨ।