Bhagwant Mann

ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ: CM ਭਗਵੰਤ ਮਾਨ

ਜਲੰਧਰ, 27 ਅਪ੍ਰੈਲ 2023: ਜਲੰਧਰ ਲੋਕ-ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਲਕਾ ਸ਼ਾਹਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਾਹਕੋਟ ਅਤੇ ਮਹਿਤਪੁਰ ਵਿੱਚ ਭੀੜ ਨੂੰ ਸੰਬੋਧਨ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਰਵਾਇਤੀ ਪਾਰਟੀਆਂ ਕਾਂਗਰਸ-ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ।

ਕਾਂਗਰਸ ਅਤੇ ਅਕਾਲੀ ਸਰਕਾਰ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਆਪਣੇ ਆਗੂਆਂ ਅਤੇ ਮੰਤਰੀਆਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ। ਇਨ੍ਹਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਆਪਣੇ ਵੱਡੇ-ਵੱਡੇ ਮਹਿਲ ਉਸਾਰੇ ਅਤੇ ਲੋਕਾਂ ਨੂੰ ਸੜਕਾਂ ‘ਤੇ ਖੜ੍ਹਾ ਕਰ ਦਿੱਤਾ।

ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਨੇ ਨੌਜਵਾਨਾਂ ਦੇ ਹੱਥਾਂ ਵਿੱਚ ਪੈੱਨ ਦੀ ਬਜਾਏ ਬੰਦੂਕ ਫੜਾ ਦਿੱਤੀ ਹੈ ਅਤੇ ਰੁਜ਼ਗਾਰ ਦੀ ਥਾਂ ਨਸ਼ੇ ਦਿੱਤੇ ਹਨ। ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ। ਅਸੀਂ ਇੱਕ ਸਾਲ ਦੇ ਅੰਦਰ ਪੰਜਾਬ ਦੇ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਭਵਿੱਖ ਵਿੱਚ ਹੋਰ ਖਾਲੀ ਅਸਾਮੀਆਂ ਭਰਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਸਰਕਾਰ ਆਉਣ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਅਸੀਂ ਪੰਜਾਬ ਦੇ ਆਮ ਲੋਕਾਂ ਦੇ ਬਿਹਤਰ ਇਲਾਜ ਲਈ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ।

ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 20 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਪੰਜ ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਵੀ ਅਪਗ੍ਰੇਡ ਕਰ ਰਹੇ ਹਾਂ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਹਸਪਤਾਲਾਂ ਨਾਲੋਂ ਵੱਧ ਸਹੂਲਤਾਂ ਹੋਣਗੀਆਂ।

Scroll to Top