TheUnmute.com

ਰਾਜਪਾਲ ਵੱਲੋਂ ਪੰਜਾਬ ‘ਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਦੇ ਉਪਰਾਲੇ ਲਈ CM ਮਾਨ ਦੀ ਸ਼ਲਾਘਾ

ਚੰਡੀਗੜ੍ਹ, 11 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਕਰਵਾਈ ਵਾਈਸ ਚਾਂਸਲਰਾਂ ਦੀ ਕਾਨਫਰੰਸ ‘ਚ ਸ਼ਾਮਲ ਹੋਏ | ਇਸ ਦੌਰਾਨ ਪੰਜਾਬ ਦੀਆਂ 40 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਿੱਖਿਆ ਸ਼ਾਸਤਰੀਆਂ ਨੂੰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਕਾਨਫਰੰਸ ‘ਚ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਨਾਲ ਆਪਣੇ ਖ਼ੇਤਰ ‘ਚ ਸਫ਼ਲ ਹੋਏ ਹਨ, ਪਰ ਤੁਹਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਤੁਸੀਂ ਆਪਣੇ ਵਰਗ ਦੇ ਹੋਰ ਵੀ ਹੀਰੇ ਤਰਾਸ਼ਣ |

ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ‘ਚ ਉਚੇਰੀ ਸਿੱਖਿਆ ‘ਚ ਹੋਰ ਸੁਧਾਰ ਲਿਆਉਣ ‘ਚ ਸਹਾਇਤਾ ਮਿਲੇਗੀ | ਇਸਦੇ ਨਾਲ ਹੀ ਪੰਜਾਬ ਸਰਕਾਰ ਉਚੇਰੀ ਸਿੱਖਿਆ ‘ਚ ਸੁਧਾਰ ਲਿਆਉਣ ਲਈ ਕੋਈ ਕਸਰ ਨਹੀਂ ਛੱਡੇਗੀ |

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ‘ਚ ਦੋ ਵੱਡੀਆਂ ਯੂਨੀਵਰਸਿਟੀਆਂ ‘ਚ 40 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਾਈ ਕਰਦੇ ਹਨ। ਸੀਐੱਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਦਾ ਰੁਝਾਨ ਯੂਨੀਵਰਸਿਟੀਆਂ ਤੋਂ ਮੁੜ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ ਅਤੇ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ‘ਚ ਦਾਖ਼ਲਿਆਂ ਦਾ ਹੜ੍ਹ ਆਇਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਲੈਸ ਹਨ ਅਤੇ ਪੰਜਾਬ ਦੇ 43 ਕਾਲਜ ਨੈਕ ਤੋਂ ਮਾਨਤਾ ਪ੍ਰਾਪਤ ਹਨ, ਇਨ੍ਹਾਂ ‘ਚੋਂ 3 ਕਾਲਜਾਂ ਨੂੰ ਏ-ਗਰੇਡ ਮਿਲਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਕੂਲ ਸਿਸਟਮ ‘ਚ ਹੀ ਕਰੀਅਰ ਗਾਈਡੈਂਸ ‘ਤੇ ਜ਼ੋਰ ਦੇ ਰਹੀ ਹੈ। ਪੰਜਾਬ ਦੇ ਸਕੂਲਾਂ ‘ਚ ਬਿਜ਼ਨਸ ਬਲਾਸਟਰਜ਼ ਸਕੀਮ ਪਹਿਲਾਂ ਹੀ ਚੱਲ ਰਹੀ ਹੈ ਤਾਂ ਕਿ ਭਵਿੱਖ ਦੇ ਕਾਰੋਬਾਰੀ ਪੈਦਾ ਕੀਤੇ ਜਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਖੋਲ੍ਹੀਆਂ ਹਨ, ਜੋ ਕਿ ਏ.ਸੀ. ਅਤੇ ਇੰਟਰਨੈੱਟ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਨ੍ਹਾਂ ਲਾਇਬ੍ਰੇਰੀਆਂ ‘ਚ ਪਾਠਕ੍ਰਮ ਦੇ ਨਾਲ-ਨਾਲ ਵਿਸ਼ਵ ਪੱਧਰੀ ਪੁਸਤਕਾਂ ਵੀ ਉਪਲਬਧ ਹਨ।

ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਪਨੇ ਨਾਲ ਐਨ.ਈ.ਪੀ. ਕਾਨਫਰੰਸ ਦੀ ਸਮਾਪਤੀ ਕੀਤੀ। ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਾਨਫਰੰਸ ਦੀ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦੀ ਸਰਗਰਮ ਸ਼ਮੂਲੀਅਤ ਅਤੇ ਅਮਲੀ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਸਿੱਖਿਆ ਮੰਤਰੀ ਵੱਲੋਂ ਆਪਣੇ ਤਜ਼ਰਬੇ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਪੰਜਾਬ ਦੇ ਮਜ਼ਬੂਤ ​​ਵਿਦਿਅਕ ਢਾਂਚੇ ਨੂੰ ਉਜਾਗਰ ਕਰਦੇ ਹੋਏ ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਨ ਦੀ ਅਥਾਹ ਸਮਰੱਥਾ ਹੈ।

 

Exit mobile version