ਹਾਈਕੋਰਟ ਨੇ ਪੰਜਾਬ ਦੇ ਕਾਲਜਾਂ ‘ਚ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ‘ਤੇ ਲਾਈ ਰੋਕ

ਮਾਪੇ-ਅਧਿਆਪਕ ਮਿਲਣੀ

ਚੰਡੀਗੜ੍ਹ, 13 ਦਸੰਬਰ 2023: ਪੰਜਾਬ ਦੇ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਹਾਈਕੋਰਟ ਨੇ ਨਿਯੁਕਤੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਭਰਤੀ ਕਰਨ ਦੀ ਮੰਗ ਕੀਤੀ ਸੀ।

ਕੁਲਵਿੰਦਰ ਸਿੰਘ ਨੇ ਐਡਵੋਕੇਟ ਜਗਤਾਰ ਸਿੰਘ ਸਿੱਧੂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰ ਦੀ ਪੋਸਟ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਅਨੁਸਾਰ ਐਗਰੀਮੈਂਟ ਅਧਿਆਪਕ ਵਜੋਂ ਤਜ਼ਰਬੇ ਲਈ ਵੱਧ ਤੋਂ ਵੱਧ ਪੰਜ ਅੰਕ ਪ੍ਰਤੀ ਸਾਲ ਦੇਣ ਦੀ ਵਿਵਸਥਾ ਸੀ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਿੱਚ ਬਦਲਾਅ ਕਰਦਿਆਂ ਇਹ ਨਿਯਮ ਬਣਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਸੇਵਾ ਕਰ ਰਹੇ ਅਧਿਆਪਕਾਂ ਨੂੰ ਹੀ ਤਜ਼ਰਬੇ ਅੰਕਾਂ ਦਾ ਲਾਭ ਮਿਲੇਗਾ।

ਪਿਛਲੀ ਸੁਣਵਾਈ ‘ਚ ਪਟੀਸ਼ਨਕਰਤਾ ਨੇ ਕਿਹਾ ਸੀ ਕਿ ਇਕ ਵਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਦੀਆਂ ਸ਼ਰਤਾਂ ਨੂੰ ਨਹੀਂ ਬਦਲਿਆ ਜਾ ਸਕਦਾ। ਅਜਿਹੀ ਸਥਿਤੀ ਵਿੱਚ ਇਸ ਵਿਵਸਥਾ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਹਾਈਕੋਰਟ ਨੇ ਇਸ ਭਰਤੀ ਨੂੰ ਰੱਦ ਕਰਨ ਦਾ ਹੁਕਮ ਜਾਰੀ ਕੀਤਾ ਸੀ। ਇਸ ਤੋਂ ਬਾਅਦ ਇਸ ਹੁਕਮ ਨੂੰ ਡਿਵੀਜ਼ਨ ਬੈਂਚ ਦੇ ਸਾਹਮਣੇ ਚੁਣੌਤੀ ਦਿੱਤੀ ਗਈ ਸੀ। ਡਿਵੀਜ਼ਨ ਬੈਂਚ ਨੇ ਭਰਤੀ ‘ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਸਨ।

ਇਸ ਸਮੇਂ ਦੌਰਾਨ 600 ਬਿਨੈਕਾਰਾਂ ਦੀ ਨਿਯੁਕਤੀ ਕੀਤੀ ਗਈ ਸੀ, ਪਰ ਸਿਰਫ 135 ਜਣਿਆਂ ਨੇ ਜੁਆਇਨ ਕੀਤਾ ਸੀ । ਪੰਜਾਬ ਸਰਕਾਰ ਨੇ ਅਰਜ਼ੀ ਦਾਇਰ ਕਰਕੇ ਬਾਕੀ ਬਿਨੈਕਾਰਾਂ ਨੂੰ ਵੀ ਸ਼ਾਮਲ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਬੁੱਧਵਾਰ ਨੂੰ ਸਰਕਾਰ ਨੂੰ ਕੋਈ ਰਾਹਤ ਦਿੱਤੇ ਬਿਨਾਂ ਭਰਤੀ ‘ਤੇ ਰੋਕ ਲਗਾ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।