July 2, 2024 9:09 pm
Drug racket

ਭਾਰਤ-ਪਾਕਿਸਤਾਨ ਸਰਹੱਦ ਤੋਂ ਚੱਲ ਰਹੇ ਡਰੱਗ ਰੈਕੇਟ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 13 ਦਸੰਬਰ 2023: ਭਾਰਤੀ ਸੁਰੱਖਿਆ ਸੀਮਾ ਬਲ (ਬੀਐਸਐਫ) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ (Drug racket) ਵਿੱਚ ਸ਼ਾਮਲ ਹੋਣ ਦੇ ਸ਼ੱਕੀ 75 ਵਿਅਕਤੀਆਂ ਦੀ ਸੂਚੀ ਪੰਜਾਬ ਪੁਲਿਸ ਨੂੰ ਸੌਂਪੀ ਹੈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਣ ਦਾ ਪ੍ਰਸਤਾਵ ਦਿੱਤਾ ਹੈ, ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਬੀਐਸਐਫ ਨੇ ਪੰਜਾਬ ਪੁਲਿਸ ਨੂੰ ਅਜਿਹੇ 75 ਸ਼ੱਕੀ ਵਿਅਕਤੀਆਂ ਦੀ ਸੂਚੀ ਸੌਂਪੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ਤੋਂ ਪਾਰ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਅਤੇ ਡਰੱਗ ਰੈਕੇਟ ਵਿੱਚ ਕਥਿਤ ਤੌਰ ‘ਤੇ ਸ਼ਾਮਲ ਹਨ |

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੂੰ ਭੇਜੇ ਗਏ ਪ੍ਰਸਤਾਵ ਵਿੱਚ ਬੀਐਸਐਫ ਨੇ ਕਿਹਾ ਹੈ ਕਿ ਭਾਵੇਂ ਉਹ ਦੋਸ਼ੀ ਠਹਿਰਾਏ ਜਾਣ ਜਾਂ ਨਾ ਹੋਣ, ਉਨ੍ਹਾਂ ਦੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਸ਼ਿਆਂ ਦੇ ਕਾਰੋਬਾਰ (Drug racket) ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਇਸ ਲਈ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਿਆ ਜਾਵੇ। ਇਸ ਨਾਲ ਪੰਜਾਬ ਵਿੱਚ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ।

ਇਸ ਮਾਮਲੇ ਵਿੱਚ ਹਾਈ ਕੋਰਟ ਨੇ ਇੱਕ ਅਖ਼ਬਾਰ ਵਿੱਚ ਛਪੀ ਖ਼ਬਰ ਦਾ ਨੋਟਿਸ ਲੈਂਦਿਆਂ ਸਰਕਾਰ ਤੋਂ ਪੂਰੀ ਜਾਣਕਾਰੀ ਮੰਗੀ ਹੈ ਕਿ ਬੀਐਸਐਫ ਵੱਲੋਂ ਭੇਜੇ ਗਏ ਇਸ ਪ੍ਰਸਤਾਵ ਉੱਤੇ ਕੀ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਪਾਰਟੀ ਬਣਾ ਕੇ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਗਏ ਹਨ।

ਬੀਐਸਐਫ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2023 ਵਿੱਚ ਹੁਣ ਤੱਕ ਬੀਐਸਐਫ ਨੇ ਕਰੀਬ 755 ਕਿਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਪਾਕਿਸਤਾਨ ਤੋਂ ਆਉਣ ਵਾਲੇ 95 ਡਰੋਨਾਂ ਨੂੰ ਨਸ਼ਟ ਕੀਤਾ ਗਿਆ ਹੈ। 36 ਪਾਕਿਸਤਾਨੀਆਂ ਕੋਲੋਂ 15 ਰਾਈਫਲਾਂ ਅਤੇ 38 ਪਿਸਤੌਲ ਬਰਾਮਦ ਕੀਤੇ ਗਏ ਹਨ ਅਤੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ 9 ਪਾਕਿਸਤਾਨੀ ਮਾਰੇ ਗਏ ਹਨ।