ਚੰਡੀਗੜ੍ਹ, 18 ਅਗਸਤ 2023: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸੂਬੇ ਵਿਚ ਗ੍ਰਾਮ ਪੰਚਾਇਤਾਂ (Panchayats) ਨੂੰ ਭੰਗ ਕੀਤੇ ਜਾਣ ਦੇ ਫ਼ੈਸਲੇ ਦੇ ਵਿਰੋਧ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਹੈ। ਬਲਵਿੰਦਰ ਸਿੰਘ ਅਤੇ ਹੋਰਨਾਂ ਨੇ ਪੰਚਾਇਤਾਂ ਨੂੰ ਭੰਗ ਕੀਤੇ ਜਾਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ’ਤੇ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਅੱਜ ਸੁਣਵਾਈ ਕੀਤੀ।
ਪਟੀਸ਼ਨਰਾਂ ਦੀ ਮੁਤਾਬਕ ਪੰਜਾਬ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਕਾਰਜਕਾਲ/ਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ। ਅਦਾਲਤ ਵਿਚ ਪੰਚਾਇਤੀ ਨੁਮਾਇੰਦਿਆਂ ਵੱਲੋਂ ਪੇਸ਼ ਵਕੀਲਾਂ ਨੇ ਦਲੀਲ ਦਿੱਤੀ ਕਿ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧਾਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗ਼ੈਰਕਾਨੂੰਨੀ ਅਤੇ ਗ਼ਲਤ ਤਰੀਕੇ ਨਾਲ ਭੰਗ ਕੀਤਾ ਗਿਆ ਹੈ। ਉਨ੍ਹਾਂ ਤਰਕ ਦਿੱਤਾ ਕਿ 10 ਅਤੇ 11 ਜਨਵਰੀ 2019 ਨੂੰ ਸਰਪੰਚਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ ਸੀ ਅਤੇ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ 10 ਜਨਵਰੀ 2024 ਤੱਕ ਬਣਦਾ ਹੈ। ਪਟੀਸ਼ਨਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਰਜਕਾਲ ਪੂਰਾ ਨਹੀਂ ਕਰਨ ਦਿੱਤਾ ਗਿਆ।
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਦੇ ਇਸ ਫੈਸਲੇ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਲੀਗਲ ਸੈੱਲ ਦੇ ਚੇਅਰਮੈਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵੀ ਇਸ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਸ਼ੁੱਕਰਵਾਰ ਨੂੰ ਸੂਬੇ ਦੀਆਂ ਪੰਚਾਇਤਾਂ (Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਰ ਪੰਜਾਬ ਸਰਕਾਰ ਦਾ ਇਹ ਫੈਸਲਾ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਸਾਰੀਆਂ ਪੰਚਾਇਤਾਂ (Gram Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕਰਨ ਦੇ ਨਾਲ ਹੀ ਉਥੇ ਪ੍ਰਬੰਧਕ ਵੀ ਨਿਯੁਕਤ ਕੀਤੇ ਗਏ। ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਚੋਣਾਂ ਵੀ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ।