Site icon TheUnmute.com

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਅਕਤੂਬਰ ਤੱਕ ਲੋੜੀਂਦੀ ਜ਼ਮੀਨ ਦਾ ਕਬਜ਼ਾ NHAI ਨੂੰ ਸੌਂਪਣ ਦੇ ਹੁਕਮ

NHAI

ਚੰਡੀਗੜ੍ਹ, 26 ਸਤੰਬਰ 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ NHAI ਦੇ ਪ੍ਰਾਜੈਕਟਾਂ ਲਈ ਜ਼ਮੀਨ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ | ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਦਾ ਕਬਜ਼ਾ 15 ਅਕਤੂਬਰ ਤੱਕ NHAI ਠੇਕੇਦਾਰਾਂ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

ਇਸਦੇ ਨਾਲ ਹੀ ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੀਆਂ ਲੋੜਾਂ ਅਨੁਸਾਰ ਭਵਿੱਖ ‘ਚ ਵਾਧੂ ਜ਼ਮੀਨ ਦਾ ਤਬਾਦਲਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਹਾਈ ਕੋਰਟ ਨੇ ਕਿਹਾ ਕਿ ਜ਼ਮੀਨ ਐਕੁਆਇਰ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ, ਐਨ.ਐਚ.ਏ.ਆਈ ਨੂੰ 15 ਅਕਤੂਬਰ ਤੋਂ ਪਹਿਲਾਂ ਇੱਕ ਅਨੁਪਾਲਨ ਹਲਫ਼ਨਾਮਾ ਦਾਇਰ ਕਰਨਾ ਹੋਵੇਗਾ, ਜਿਸ ‘ਚ ਐਕੁਆਇਰ ਕੀਤੀ ਜ਼ਮੀਨ ਦੇ ਖਾਲੀ ਅਤੇ ਅਣ-ਅਧਿਕਾਰਤ ਕਬਜ਼ੇ ਦੀ ਪੁਸ਼ਟੀ ਕੀਤੀ ਜਾਵੇਗੀ। ਇਹ ਹਲਫ਼ਨਾਮਾ 16 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਕਰਨਾ ਜਰੂਰੀ ਹੋਵੇਗਾ।

ਇਸਦੇ ਨਾਲ ਹੀ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ NHAI ਦੁਆਰਾ ਐਕੁਆਇਰ ਕੀਤੀ ਜ਼ਮੀਨ ਠੇਕੇਦਾਰਾਂ ਨੂੰ ਸੌਂਪੇ ਜਾਣ ਤੋਂ ਬਾਅਦ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪ੍ਰਾਜੈਕਟਾਂ ਦੀ ਪ੍ਰਗਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਸੰਬੰਧਿਤ ਐਸਐਸਪੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਰੰਤਰ ਨਿਗਰਾਨੀ ਕਰਨ।

ਜਿਕਰਯੋਗ ਹੈ ਕਿ ਜਸਟਿਸ ਸੁਰੇਸ਼ ਠਾਕੁਰ ਅਤੇ ਜਸਟਿਸ ਕੁਲਦੀਪ ਤਿਵਾੜੀ ਦੀ ਡਿਵੀਜ਼ਨ ਬੈਂਚ ਨੇ ਐਨ.ਐਚ.ਏ.ਆਈ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ ਹੈ । ਇਸ ਪਟੀਸ਼ਨ ‘ਚ ਐਨ.ਐਚ.ਏ.ਆਈ ਨੇ ਦਲੀਲ ਦਿੱਤੀ ਕਿ ਸੂਬੇ ‘ਚ ਪਾਇਲਟ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਪਰ ਫੰਡਾਂ ਦੀ ਵੰਡ ‘ਚ ਦੇਰੀ ਕਾਰਨ ਜ਼ਮੀਨ ਪ੍ਰਾਪਤੀ ਦੀਆਂ ਰਸਮਾਂ ਪੂਰੀਆਂ ਨਹੀਂ ਹੋ ਰਹੀਆਂ ਹਨ। ਇਸ ਕਾਰਨ ਅਥਾਰਟੀ ਸਮੇਂ ਸਿਰ ਪ੍ਰਾਜੈਕਟਾਂ ਨੂੰ ਪੂਰਾ ਨਹੀਂ ਕਰ ਪਾ ਰਹੀ ਹੈ।

Exit mobile version