ਚੰਡੀਗੜ੍ਹ 20 ਜਨਵਰੀ 2023: ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਈਏਐਸ ਸੰਜੇ ਪੋਪਲੀ (IAS Sanjay Popli) ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹਾਈਕੋਰਟ ਨੇ ਮੁਲਜ਼ਮ ਪੋਪਲੀ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮੁਲਜ਼ਮ ਪੋਪਲੀ ਨੇ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਮਾਮਲੇ ਦੇ ਬਾਕੀ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ 2008 ਬੈਚ ਦੇ ਆਈਏਐਸ ਸੰਜੇ ਪੋਪਲੀ (IAS Sanjay Popli) ਨੂੰ ਸਾਲ 2022 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੇ ਖ਼ਿਲਾਫ਼ ਮੋਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ-20 ਸਥਿਤ ਘਰ ਤੋਂ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਉਸ ਦੇ ਤਤਕਾਲੀ ਸਹਾਇਕ ਸਕੱਤਰ ਸੰਜੀਵ ਵਤਸ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਨੇ ਆਪਣੇ ਪਿਤਾ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੋਠੀ ਨੰਬਰ-520, ਸੈਕਟਰ-11, ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ ਸੀ।