Site icon TheUnmute.com

ਟਰੱਕ ਯੂਨੀਅਨਾਂ ਦੀ ਹੜਤਾਲ ਦਾ ਸੂਬੇ ਦੇ ਪੈਟਰੋਲ ਪੰਪਾਂ ‘ਤੇ ਪਿਆ ਅਸਰ, ਪੈਟਰੋਲ ਪੰਪਾਂ ‘ਤੇ ਲੋਕਾਂ ਦੀ ਭਾਰੀ ਭੀੜ

petrol pumps

ਚੰਡੀਗੜ੍ਹ, 02 ਜਨਵਰੀ 2024: ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਲਾਮਬੰਦ ਹੋ ਗਏ ਹਨ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ (petrol pumps) ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | ਮੋਹਾਲੀ ਅਤੇ ਚੰਡੀਗੜ੍ਹ ‘ਚ ਪੈਟਰੋਲ ਪੰਪਾਂ ‘ਤੇ ਲੋਕਾਂ ਦੀ ਭੀੜ ਦੇਖੀ ਜਾ ਰਹੀ ਹੈ | ਜੇਕਰ ਅੱਜ ਸ਼ਾਮ ਤੱਕ ਹੜਤਾਲ ਖ਼ਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ 45 ਫੀਸਦੀ ਪੈਟਰੋਲ ਪੰਪਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਯਾਨੀ ਕਿ ਉਨ੍ਹਾਂ ‘ਚ ਤੇਲ ਖਤਮ ਹੋ ਜਾਵੇਗਾ। ਇਸ ਤੋਂ ਬਾਅਦ ਲੋਕਾਂ ਕੋਲ ਆਪਣੇ ਵਾਹਨ ਪਾਰਕ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ (petrol pumps) ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ ‘ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਟੈਂਕਰਾਂ ਵਿੱਚ ਹੁੰਦੀ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂ ਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ, ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿੱਪੂਆਂ ਤੋਂ ਤੇਲ ਨਹੀਂ ਭਰਨ ਦੇ ਰਹੇ ਹਨ।

ਸਰਕਾਰ ਅਤੇ ਤੇਲ ਕੰਪਨੀਆਂ ਵੀ ਹੜਤਾਲ ਨੂੰ ਲੈ ਕੇ ਗੰਭੀਰ ਹਨ। ਅਜਿਹੇ ‘ਚ ਸਰਕਾਰ ਅਤੇ ਤੇਲ ਕੰਪਨੀਆਂ ਹੜਤਾਲ ‘ਤੇ ਬੈਠੇ ਆਪਰੇਟਰਾਂ ਨਾਲ ਗੱਲਬਾਤ ਕਰ ਰਹੀਆਂ ਹਨ ਤਾਂ ਜੋ ਆਮ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ। ਉਮੀਦ ਹੈ ਕਿ ਸ਼ਾਮ ਤੱਕ ਕੋਈ ਹੱਲ ਕੱਢ ਲਿਆ ਜਾਵੇਗਾ। ਜੇਕਰ ਕੋਈ ਹੱਲ ਨਾ ਕੱਢਿਆ ਗਿਆ ਤਾਂ ਸਥਿਤੀ ਹੋਰ ਵਿਗੜ ਜਾਵੇਗੀ।

ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ ਬੁਲਾਰੇ ਅਤੇ ਮੋਹਾਲੀ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਵਿੰਦਰ ਮੋਂਗੀਆ ਨੇ ਕਿਹਾ ਕਿ ਜੇਕਰ ਹੜਤਾਲ ਖ਼ਤਮ ਨਾ ਹੋਈ ਤਾਂ ਅੱਜ ਤੋਂ ਬਾਅਦ ਸਥਿਤੀ ਗੰਭੀਰ ਹੋ ਜਾਵੇਗੀ। ਮੰਗਲਵਾਰ ਸ਼ਾਮ ਤੱਕ 40 ਤੋਂ 45 ਫੀਸਦੀ ਪੈਟਰੋਲ ਪੰਪ ਸੁੱਕ ਜਾਣਗੇ। ਦੂਜੇ ਪਾਸੇ ਇਸ ਕਾਰਨ ਪੈਟਰੋਲ ਪੰਪ ਨੂੰ ਵੀ ਨੁਕਸਾਨ ਹੋ ਰਿਹਾ ਹੈ। ਕਿਉਂਕਿ ਲੋਕ ਦੂਜੇ ਸੂਬਿਆਂ ਤੋਂ ਤੇਲ ਭਰ ਕੇ ਆ ਰਹੇ ਹਨ। ਅਜਿਹੇ ‘ਚ ਪੈਟਰੋਲ ਪੰਪਾਂ ਦੀ ਵਿਕਰੀ ‘ਚ ਗਿਰਾਵਟ ਆਈ ਹੈ।

ਹਿੱਟ ਐਂਡ ਰਨ ਕਾਨੂੰਨ ਕੀ ਹੈ?

ਹਿੱਟ ਐਂਡ ਰਨ ਕੇਸਾਂ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਵਿਰੋਧ ਵਿੱਚ ਡਰਾਈਵਰ ਅਤੇ ਟਰਾਂਸਪੋਰਟਰ ਖੁੱਲ੍ਹ ਕੇ ਵਿਰੋਧ ‘ਚ ਸਾਹਮਣੇ ਆ ਗਏ ਹਨ। ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਹਾਦਸੇ ਜਾਣਬੁੱਝ ਕੇ ਨਹੀਂ ਹੁੰਦੇ ਹਨ ਅਤੇ ਡਰਾਈਵਰਾਂ ਨੂੰ ਅਕਸਰ ਡਰ ਹੁੰਦਾ ਹੈ ਕਿ ਜੇਕਰ ਉਹ ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਭੀੜ ਦੀ ਹਿੰਸਾ ਦਾ ਸ਼ਿਕਾਰ ਹੋ ਜਾਣਗੇ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Exit mobile version