ਪਟਿਆਲਾ 1 ਅਪ੍ਰੈਲ 2024 : ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਨਾਲ ਸੰਬੰਧਤ ਕਾਂਗਰਸ ਪਾਰਟੀ ਦਾ ਗੜ ਰਹੇ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਅਗਵਾਈ ਹੇਠ ਜਲਾਲਪੁਰ ਹਾਊਸ ਵਿਖੇ ਬੈਠਕ ਕੀਤੀ ਗਈ। ਬੈਠਕ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੋਂ ਇਲਾਵਾ ਹਲਕਾ ਸਮਾਣਾ ਤੋਂ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ, ਹਲਕਾ ਸਤਰਾਣਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦਰਬਾਰਾ ਸਿੰਘ ਅਤੇ ਪਟਿਆਲਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਸਾਬਕਾ ਮੇਅਰ ਵਿਸ਼ਨੂ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਬੈਠਕ ਉਪਰੰਤ ਉਕਤ ਪੰਜ ਹਲਕਿਆਂ ਦੇ ਇੰਚਾਰਜਾਂ ਨੇ ਕਿਹਾ ਕਿ ਪਿਛਲੇ ਦਿਨੀ ਉਹਨਾਂ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਲੋਕ ਸਭਾ ਹਲਕਾ ਪਟਿਆਲਾ ਦੇ ਸਮੂਹ ਵਿਧਾਨ ਸਭਾ ਹਲਕਾ ਇੰਚਾਰਜ ਰਲ ਕੇ ਰਹਿਣ ਤਾਂ ਜੋ ਕਾਂਗਰਸ ਹਾਈਕਮਾਂਡ ਵੱਲੋਂ ਕਿਸੇ ਇੱਕ ਲੋਕਲ ਟਕਸਾਲੀ ਕਾਂਗਰਸੀ ਨੂੰ ਪਾਰਟੀ ਦੀ ਟਿਕਟ ਦੇ ਕੇ ਜਿੱਤ ਯਕੀਨੀ ਬਣਾਈ ਜਾ ਸਕੇ, ਪ੍ਰੰਤੂ ਹੁਣ ਸੁਣਨ ਵਿੱਚ ਆ ਰਿਹਾ ਹੈ ਕਿ ਕਾਂਗਰਸ ਪਾਰਟੀ ਲੋਕ ਸਭਾ ਹਲਕਾ ਪਟਿਆਲਾ ਤੋਂ ਕਿਸੇ ਬਾਹਰੀ ਉਮੀਦਵਾਰ ਨੂੰ ਟਿਕਟ ਦੇਣ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਲੋਕਲ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਨੂੰ ਲੋਕ ਸਭਾ ਹਲਕਾ ਪਟਿਆਲਾ ਵਿੱਚ ਜਿਉਂਦਾ ਰੱਖਣ ਲਈ ਦਿਨ ਰਾਤ ਮਿਹਨਤ ਕੀਤੀ ਹੋਵੇ ਪਾਰਟੀ ਵੱਲੋਂ ਅਜਿਹੇ ਮਿਹਨਤੀ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਕਿਸੇ ਬਾਹਰੀ ਉਮੀਦਵਾਰ ਤੇ ਭਰੋਸਾ ਜਤਾਉਣਾ ਠੀਕ ਨਹੀਂ, ਸੋ ਅਸੀਂ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕਰਦੇ ਹਾਂ ਕਿ ਕਿਸੇ ਲੋਕਲ ਟਕਸਾਲੀ ਕਾਂਗਰਸੀ ਨੂੰ ਹੀ ਲੋਕ ਸਭਾ ਹਲਕਾ ਪਟਿਆਲਾ ਤੋਂ ਟਿਕਟ ਦੇ ਕੇ ਨਿਵਾਜਿਆ ਜਾਵੇ। ਉਕਤ ਸਾਬਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਕਾਂਗਰਸ ਹਾਈ ਕਮਾਂਡ ਨੂੰ ਭਰੋਸਾ ਦਵਾਇਆ ਕਿ ਜੇਕਰ ਕਾਂਗਰਸ ਹਾਈ ਕਮਾਂਡ ਕਿਸੇ ਲੋਕਲ ਟਕਸਾਲੀ ਕਾਂਗਰਸੀ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਆਪਣਾ ਉਮੀਦਵਾਰ ਐਲਾਨਦੀ ਹੈ ਤਾਂ ਉਹ ਇਹ ਸੀਟ ਵੱਡੀ ਲੀਡ ਨਾਲ ਜਿੱਤਾ ਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਜਨਵਰੀ 19, 2025 11:39 ਪੂਃ ਦੁਃ