ਚੰਡੀਗੜ੍ਹ, 15 ਮਈ 2023: ਪਟਿਆਲਾ (Patiala) ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਬੇਅਦਬੀ ਦੇ ਮਾਮਲੇ ਵਿੱਚ ਐਤਵਾਰ ਦੇਰ ਰਾਤ ਵਜੇ ਇੱਕ ਸ਼ਰਧਾਲੂ ਵੱਲੋਂ ਇੱਕ ਔਰਤ ਦੀ ਗੋਲੀ ਮਾਰ ਕੇ ਕਤਲ ਕਰਦਾ ਦਿੱਤਾ । ਦੋਸ਼ ਹੈ ਕਿ ਔਰਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਰੋਵਰ ਕੋਲ ਸ਼ਰਾਬ ਪੀ ਰਹੀ ਸੀ। ਗੋਲੀਬਾਰੀ ‘ਚ ਇਕ ਸੇਵਾਦਾਰ ਵੀ ਜ਼ਖਮੀ ਹੋ ਗਿਆ। ਗੋਲੀਆਂ ਮਾਰਨ ਵਾਲੇ ਦਾ ਨਾਂ ਨਿਰਮਲਜੀਤ ਸਿੰਘ ਹੈ ਅਤੇ ਉਹ ਪਟਿਆਲਾ ਦਾ ਰਹਿਣ ਵਾਲਾ ਹੈ। ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਮੰਦਭਾਗੀ ਘਟਨਾ ਨੂੰ ਲੈ ਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵਲੋਂ ਸੋਚੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ (Patiala) ਵਿਖੇ ਬੀਤੇ ਕੱਲ੍ਹ ਇਕ ਲੜਕੀ ਵਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸਿੱਖ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ਵਿਚ ਸਫ਼ਲ ਹੋ ਰਹੀਆਂ ਹਨ, ਜਿਸ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਲੜਕੀ ਵਲੋਂ ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਕਿਹੜੀਆਂ ਸ਼ਕਤੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀਆਂ ਹਰਕਤਾਂ ਕਰ ਰਹੀਆਂ ਹਨ।