ਹੁਸ਼ਿਆਰਪੁਰ 04 ਨਵੰਬਰ 2022: ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵਲੋਂ ਭ੍ਰਿਸ਼ਟਾਚਾਰ ਦੇ ਵਿਰੋਧ ਵਿਚ ‘ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਿਤ ਭਾਰਤ’ ਥੀਮ ਤਹਿਤ ਅੱਜ ਐਸ.ਡੀ. ਸਰਵ ਹਿੱਤਕਾਰੀ ਵਿਦਿਆ ਮੰਦਰ ਸਕੂਲ ਤਲਵਾੜਾ ਵਿਖੇ ਸੈਮੀਨਾਰ ਕਰਵਾਇਆ ਗਿਆ। ਡੀ.ਐਸ.ਪੀ. ਵਿਜੀਲੈਂਸ ਯੂਨਿਟ ਹੁਸ਼ਿਆਰਪੁਰ ਮਨੀਸ਼ ਕੁਮਾਰ ਦੀ ਅਗਵਾਈ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਏ ਇਸ ਸੈਮੀਨਾਰ ਵਿਚ ਸਕੂਲ ਦੇ ਨਿਰਦੇਸ਼ਕ ਦੇਸਰਾਜ ਸ਼ਰਮਾ, ਪ੍ਰਿੰਸੀਪਲ ਪਵਨ ਗਿੱਲ, ਇਲਾਕੇ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਦੇ ਮੈਂਬਰਾਂ, ਸਮੂਹ ਸਟਾਫ਼ ਅਤੇ ਕਰੀਬ 400 ਵਿਦਿਆਰਥੀਆਂ ਨੇ ਹਿੱਸਾ ਲਿਆ। ਸੈਮੀਨਾਰ ਵਿਚ ਐਸ.ਐਮ.ਓ. ਡਾ. ਲਖਵੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ ਵਿਜੀਲੈਸ ਮਨੀਸ਼ ਕੁਮਾਰ ਨੇ ਵਿਦਿਆਰਥੀਆਂ, ਪਿੰਡਾਂ ਦੇ ਪੰਚਾਂ- ਸਰਪੰਚਾਂ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ, ਕਰਮਚਾਰੀ ਜਾਂ ਇਨ੍ਹਾਂ ਦੇ ਏਜੰਟ ਆਮ ਜਨਤਾ ਦਾ ਕੰਮ ਕਰਨ ਲਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੇ ਅਧਿਕਾਰਾਂ ਦੀ ਗਲਤ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਨਿੱਜੀ ਜਾਂ ਵਿਤੀ ਲਾਭ ਪਹੁੰਚਾਉਂਦਾ ਹੈ, ਤਾਂ ਉਹ ਸਜ਼ਾਯੋਗ ਅਪਰਾਧ ਹੈ।
ਇਸ ਤੋਂ ਇਲਾਵਾ ਕੋਈ ਵੀ ਸਰਕਾਰੀ ਕਰਮਚਾਰੀ ਆਪਣੇ ਅਹੁਦੇ ਦਾ ਦੁਰਵਰਤੋਂ ਕਰਦੇ ਹੋਏ ਸਰਕਾਰੀ ਫੰਡਾਂ ਵਿਚ ਕੋਈ ਘੁਟਾਲਾ ਕਰਕੇ ਜਾਂ ਚਲਾਕੀ ਨਾਲ ਭ੍ਰਿਸ਼ਟਾਚਾਰ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ, ਆਪਣੇ ਰਿਸਤੇਦਾਰਾਂ ਦੇ ਨਾਮ ’ਤੇ ਕੋਈ ਬੇਨਾਮੀ ਜਾਇਦਾਦ ਖਰੀਦ ਕਰਦਾ ਹੈ, ਤਾਂ ਕੋਈ ਵੀ ਵਿਅਕਤੀ ਇਸ ਸਬੰਧੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-1800-100, ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈਬਸਾਈਟ www.vigilancebureau.punjab.gov.in ’ਤੇ ਕਰ ਸਕਦਾ ਹੈ।
ਐਸ.ਐਮ.ਓ. ਡਾ. ਲਖਵੀਰ ਸਿੰਘ ਨੇ ਵਿਜੀਲੈਂਸ ਦੇ ਕੰਮਕਾਜ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਵਿਸ਼ਿਆਂ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਸਬੰਧੀ ਉਹ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕਰਕੇ ਉਸ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਵਾ ਸਕਦੇ ਹਨ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੇ ਲੇਖ ਕਲਾ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਵਿਜੀਲੈਂਸ ਮੁਨੀਸ਼ ਕੁਮਾਰ ਨੇ ਕਾਲਜ ਦੇ ਵਿਦਿਆਰਥੀਆਂ ਦੇ ਸਵਾਲਾਂ ਦੇ ਬਾਖੂਬੀ ਜਵਾਬ ਵੀ ਦਿੱਤੇ।