ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ 2023: ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈ.ਏ.ਐਸ ਨੇ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪਰਾਲੀ (stubble) ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਆਖਿਆ ਹੈ ਕਿ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੇ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸਦਾ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਹਾ ਕਿ ਪਰਾਲੀ (stubble) ਕਿਸਾਨ ਲਈ ਸਮੱਸਿਆ ਨਹੀਂ ਸਗੋਂ ਉਸਦੀ ਜ਼ਮੀਨ ਦੀ ਖੁਰਾਕ ਹੈ। ਪਰਾਲੀ ਵਿਚ ਬਹੁਤਾਤ ਵਿਚ ਪੌਸਟਿਕ ਤੱਤ ਪਾਏ ਜਾਂਦੇ ਹਨ।ਜ਼ੇਕਰ ਇਸ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਕਿਸਾਨਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ।ਉਨ੍ਹਾਂ ਨੇ ਕਿਹਾ ਕਿ ਇਸ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਇਸ ਸਬੰਧੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਈ ਖੇਤ ਮੋਬਾਇਲ ਐਪ ਰਾਹੀਂ ਵੀ ਕਿਸਾਨ ਨੇੜੇ ਕਿਰਾਏ ਲਈ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਨਾ ਸਗੋਂ ਇਸਦਾ ਉਚਿਤ ਤਰੀਕੇ ਨਾਲ ਨਿਪਟਾਰਾ ਕਰਨ। ਡਿਪਟੀ ਕਮਿਸ਼ਨਰ ਨੇ ਨਾਲ ਹੀ ਕਿਹਾ ਕਿ ਜ਼ੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਜ਼ਮੀਨ ਰਿਕਾਰਡ ਵਿਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਪਰਾਲੀ ਸਾੜਨ ਵਾਲਿਆਂ ਦੇ ਅਸਲਾ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ।ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਨੂੰ ਸਰਕਾਰ ਦੀਆਂ ਸਹੁਲਤਾਂ ਲੈਣ ਵਿਚ ਦਿੱਕਤ ਆ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਤਕਨੀਕੀ ਸਲਾਹ ਲਈ ਕਿਸਾਨ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।