Site icon TheUnmute.com

Punjab News: ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ‘ਚੋਂ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦੇ ਹੁਕਮ

Punjab

ਚੰਡੀਗੜ੍ਹ, 21 ਨਵੰਬਰ 2024: ਪੰਜਾਬ (Punjab) ‘ਚ ਹਰ ਹਾਲਤ ‘ਚ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਲਿਫਟਿੰਗ ਕੀਤੀ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ | ਦਰਅਸਲ, ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ‘ਚ ਆ ਗਈ ਹੈ।

ਇਸ ਸੰਬੰਧੀ ਹੁਣ ਪੰਜਾਬ ਸਰਕਾਰ ਨੇ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਪੱਤਰ ‘ਚ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ | ਇਸਦੇ ਨਾਲ ਹੀ ਏਜੰਸੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਹਰ ਹਾਲਤ ‘ਚ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਲਿਫਟਿੰਗ ਕੀਤੀ ਜਾਵੇ। ਫਸਲ ਦੀ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ (Punjab Government)  ਨੇ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਸੀ | ਪੰਜਾਬ ਸਰਕਾਰ ਨੇ ਲਿਫਟਿੰਗ, ਭੰਡਾਰਨ ਲਈ ਥਾਂ ਦੀ ਸਮੱਸਿਆ ਸਮੇਤ ਕਈਂ ਮੁੱਦੇ ਕੇਂਦਰ ਸਰਕਾਰ ਕੋਲ ਰੱਖੇ ਸਨ ਅਤੇ ਹੱਲ ਦੀ ਮੰਗ ਕੀਤੀ ਸੀ |

ਇਸ ਵਾਰ ਝੋਨੇ ਦੀ ਲਿਫਟਿੰਗ ਦਾ ਮੁੱਦਾ ਸ਼ੁਰੂ ਤੋਂ ਹੀ ਭਖਿਆ ਰਿਹਾ। ਇਸ ਮਾਮਲੇ ‘ਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋ ਗਏ । ਇਸ ਦੇ ਨਾਲ ਹੀ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਅਦਾਲਤ ਨੇ ਦੋਵਾਂ ਸਰਕਾਰਾਂ ਨੂੰ ਮਿਲ ਕੇ ਮਾਮਲਾ ਸੁਲਝਾਉਣ ਦਾ ਹੁਕਮ ਦਿੱਤਾ ਸੀ।

ਪੰਜਾਬ ਦੀਆਂ ਮੰਡੀਆਂ ‘ਚ ਹੁਣ ਤੱਕ 165.77 ਲੱਖ ਟਨ ਝੋਨਾ ਪੁੱਜ ਚੁੱਕਾ ਹੈ। ਇਸ ‘ਚ 163.36 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਦੋਂਕਿ ਖਰੀਦੀ ਗਈ ਫਸਲ ‘ਚੋਂ 141.92 ਲੱਖ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਕਰੀਬ 22 ਲੱਖ ਟਨ ਫਸਲ ਮੰਡੀਆਂ ‘ਚੋਂ ਚੁੱਕਣੀ ਬਾਕੀ ਹੈ। ਉਂਜ ਵੀ ਖਰੀਦ ਏਜੰਸੀਆਂ ਮੰਡੀਆਂ ‘ਚ ਕੰਮ ਕਰ ਰਹੀਆਂ ਹਨ।

 

Exit mobile version