ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਦੀ ਸਾਹਿਤਕ ਦੇਣ

ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ (Dr. Rattan Singh Jaggi) ਦਾ ਨਾਂ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨਾਂ ਅਤੇ ਗੁਰਮਤਿ ਤੇ ਭਗਤੀ ਲਹਿਰ ਦੇ ਮਾਹਰਾਂ ‘ਚ ਸ਼ੁਮਾਰ ਹੈ। ਡਾ. ਰਤਨ ਸਿੰਘ ਜੱਗੀ ਨੇ ਆਪਣਾ ਸਮੁੱਚਾ ਜੀਵਨ ਮੱਧਕਾਲੀਨ ਸਾਹਿਤ ਦਾ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਅਧਿਐਨ ਕਰਨ, ਲਿਖਣ ਤੇ ਆਲੋਚਨਾਤਮਕ ਵਿਸ਼ਲੇਸ਼ਣ ਕਰਨ, ਸਿੱਖ ਗੁਰੂ ਸਾਹਿਬਾਨ ਦੀ ਬਾਣੀ ਅਤੇ ਭਗਤੀ ਲਹਿਰ ਦੇ ਸੰਬੰਧ ਵੱਖ-ਵੱਖ ਪਹਿਲੂਆਂ ਦੀ ਖੋਜ ਕਰਨ ਲਈ (ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ‘ਚ) ਲੋਕ ਅਰਪਣ ਕੀਤਾ ।

ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਦਾ ਜਨਮ ਤੇ ਸਾਹਿਤਕ ਦੇਣ

ਡਾ. ਰਤਨ ਸਿੰਘ ਜੱਗੀ ਦਾ ਜਨਮ 27 ਜੁਲਾਈ, 1927 ਨੂੰ ਹੋਇਆ ਅਤੇ ਉਨ੍ਹਾਂ ਨੇ ਆਪਣੇ ਜੀਵਨ ਪੰਧ ਦੇ 6 ਤੋਂ ਵੱਧ ਦਹਾਕੇ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਮੱਧਕਾਲੀ ਸਾਹਿਤ ਦੇ ਲੇਖੇ ਲਾਏ ਹਨ। ਸਾਲ 1987 ‘ਚ ਰਤਨ ਸਿੰਘ ਜੱਗੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਵਜੋਂ ਸੇਵਾਵਾਂ ਨਿਭਾ ਕੇ ਸੇਵਾਮੁਕਤ ਹੋਏ ਸਨ।

ਡਾ. ਰਤਨ ਸਿੰਘ ਜੱਗੀ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫਾਰਸੀ ਅਤੇ ਸੰਸਕ੍ਰਿਤ ਦੀ ਗੁੜੀ ਸੂਝ ਤੇ ਮੁਹਾਰਤ ਰੱਖਣ ਵਾਲੀ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਹਨ। ਉਹਨਾਂ ਨੇ ਕਿਤਾਬਾਂ, ਟੀਕਾਕਾਰੀ ਅਤੇ ਵਿਸ਼ਵਕੋਸ਼ ਵਰਗੀਆਂ ਬੇਮਿਸਾਲ ਰਚਨਾਵਾਂ ਨਾਲ ਸਾਹਿਤ ਦੇ ਖੇਤਰ ‘ਚ ਸ਼ਾਨਦਾਰ ਵਿਆਪਕ ਅਤੇ ਗਿਆਨ ਭਰਪੂਰ ਯੋਗਦਾਨ ਪਾਇਆ।

ਡਾ. ਰਤਨ ਸਿੰਘ ਜੱਗੀ

ਉਨ੍ਹਾਂ ਨੇ 1962 ‘ਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ “ਦਸਮ ਗ੍ਰੰਥ ਦਾ ਪੌਰਾਣਿਕ ਅਧਿਐਨ” (ਦਸਮ ਗ੍ਰੰਥ ਵਿਚਲੀਆਂ ਪੌਰਾਣਿਕ ਰਚਨਾਵਾਂ ਦਾ ਆਲੋਚਨਾਤਮਕ ਅਧਿਐਨ) ਵਿਸ਼ੇ ‘ਤੇ ਪੀ.ਐਚ.ਡੀ. ਕੀਤੀ ਅਤੇ “ਦਸਮ ਗ੍ਰੰਥ ਕੀ ਪੌਰਣਿਕ ਪਰਿਸ਼ਟਭੂਮੀ” ਨਾਮੀ ਪੁਸਤਕ ਸਾਹਿਤ ਜਗਤ ਦੀ ਝੋਲੀ ਪਾਈ, ਜਿਸ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉੱਘੀਆਂ ਸਾਹਿਤਕ ਸਖ਼ਸ਼ੀਅਤਾਂ ਵੱਲੋਂ ਭਰਪੂਰ ਸ਼ਲਾਘਾ ਹਾਸਲ ਹੋਈ। ਸਾਲ 2000 ‘ਚ ਉਨ੍ਹਾਂ ਨੇ ਪੰਜ ਜਿਲਦਾਂ ਵਿੱਚ “ਦਸਮ ਗ੍ਰੰਥ ਦਾ ਟੀਕਾ” ਪੇਸ਼ ਕੀਤਾ। ਉਹ ਦਸਮ ਗ੍ਰੰਥ ਦੇ ਗੁੜ੍ਹ ਗਿਆਤਾ ਹਨ ਅਤੇ ਇਸ ਵਿਸ਼ੇ ਤੇ ਅਥਾਰਟੀ ਵਜੋਂ ਜਾਣੇ ਜਾਂਦੇ ਹਨ। ਬਾਅਦ ‘ਚ ਹਿੰਦੀ ‘ਚ ਵੀ ਪੰਜ ਜਿਲਦਾਂ ਵਿੱਚ “ਦਸ਼ਮ ਗ੍ਰੰਥ ਦਾ ਟੀਕਾ” ਪੇਸ਼ ਕੀਤਾ।

ਗੁਰੂ ਨਾਨਕ ਦੇਵ ਜੀ ਬਾਰੇ ਕਈ ਕਿਤਾਬਾਂ ਅਤੇ ਸਨਮਾਨ

ਡਾ. ਰਤਨ ਸਿੰਘ ਜੱਗੀ (Dr. Rattan Singh Jaggi) ਨੇ 1973 ‘ਚ ਮਗਧ ਯੂਨੀਵਰਸਿਟੀ, ਬੋਧਗਯਾ ਤੋਂ ਹਿੰਦੀ ‘ਚ “ਸ੍ਰੀ ਗੁਰੂ ਨਾਨਕ: ਵਿਅਕਤਿਤਵ, ਕ੍ਰਿਤਿਤਵ ਔਰ ਚਿੰਤਨ” (ਗੁਰੂ ਨਾਨਕ: ਸ਼ਖਸੀਅਤ ਰਚਨਾ ਅਤੇ ਸਿੱਖਿਆਵਾਂ) ਵਿਸ਼ੇ ‘ਤੇ ਡੀ.ਲਿਟ. ਦੀ ਡਿਗਰੀ ਹਾਸਲ ਕੀਤੀ। ਸਮਾਜ ਪ੍ਰਤੀ ਆਪਣੇ ਸਾਹਿਤਕ ਯੋਗਦਾਨ ਨੂੰ ਜਾਰੀ ਰੱਖਦਿਆਂ ਉਨ੍ਹਾਂ ਨੇ ਸੇਵਾ ਅਤੇ ਨਿਮਰਤਾ ਦੇ ਪੁੰਜ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕਈ ਕਿਤਾਬਾਂ ਲਿਖੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਉਹਨਾਂ ਵੱਲੋਂ ਰਚਿਤ ਪੁਸਤਕ “ਗੁਰੂ ਨਾਨਕ ਬਾਣੀ: ਪਾਠ ਅਤੇ ਵਿਆਖਿਆ” ਨੂੰ ਪੰਜਾਬੀ ਅਤੇ ਹਿੰਦੀ ‘ਚ ਪ੍ਰਕਾਸ਼ਿਤ ਕੀਤਾ ਗਿਆ। ਸਾਹਿਤ ਜਗਤ ਵਿੱਚ ਹੋਰ ਪੂਰਨੇ ਪਾਉਂਦਿਆਂ ਉਹਨਾਂ ਨੇ ਗੁਰੂ ਨਾਨਕ ਬਾਣੀ ਤੇ ਅਧਾਰਿਤ ਪਹਿਲੀ ਰਚਨਾ “ਗੁਰੂ ਨਾਨਕ:ਜੀਵਨੀ ਅਤੇ ਵਿਅਕਤੀਤਵ” ਅਤੇ ਦੂਜੀ ਪੁਸਤਕ “ਗੁਰੂ ਨਾਨਕ ਦੀ ਵਿਚਾਰਧਾਰਾ” ਵੀ ਪ੍ਰਕਾਸ਼ਿਤ ਕੀਤੀ ਅਤੇ ਇਹਨਾਂ ਦੋਵੇਂ ਰਚਨਾਵਾਂ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ।

ਡਾ. ਰਤਨ ਸਿੰਘ ਜੱਗੀ ਨੂੰ ਮਿਲੇ ਸਨਮਾਨ

ਪਵਿੱਤਰ ਗ੍ਰੰਥ “ਤੁਲਸੀ ਰਾਮਾਇਣ” (ਰਾਮ ਚਰਿਤ ਮਾਨਸ) ਦਾ ਪੰਜਾਬੀ ‘ਚ ਲਿਪੀਅੰਤਰਨ ਅਤੇ ਅਨੁਵਾਦ ਕਰਨਾ ਡਾ. ਰਤਨ ਸਿੰਘ ਜੱਗੀ ਵੱਲੋਂ ਸਾਹਿਤ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ‘ਚੋਂ ਸਭ ਤੋਂ ਮਹੱਤਵਪੂਰਨ ਹੈ। ਇਹ ਕਿਤਾਬ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਸੀ ਅਤੇ ਇਸ ਕਿਤਾਬ ਨੂੰ 1989 ‘ਚ ਸਾਹਿਤ ਅਕਾਦਮੀ. ਨਵੀਂ ਦਿੱਲੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ 1994 ‘ਚ “ਪੰਜਾਬੀ ਸਾਹਿਤ ਸੰਦਰਭ ਕੋਸ਼” (ਪੰਜਾਬੀ ਸਾਹਿਤ ਦਾ ਹਵਾਲਾ ਕੋਸ਼) ਤਿਆਰ ਕੀਤਾ ਜਿਸ ਨੂੰ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ। ਸਾਲ 1998 ਤੋਂ 2002 ਤੱਕ, ਡਾ. ਜੱਗੀ ਨੇ ਪੰਜ ਜਿਲਦਾਂ ‘ਚ “ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ’ ਤਿਆਰ ਕੀਤਾ ਜਿਸ ਨੂੰ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ।

ਰਤਨ ਸਿੰਘ ਜੱਗੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸੰਬੰਧੀ ਸਵਾਲਾਂ ਦੇ ਜਵਾਬ ਦੇਣ ਲਈ ਇੱਕ ਵਿਸ਼ਵਕੋਸ਼ ਦੀ ਲੋੜ ਨੂੰ ਸਮਝਿਆ ਅਤੇ ਉਨ੍ਹਾਂ ਨੇ ਸੰਖੇਪ ਪਰ ਪ੍ਰਮਾਣਿਤ ਢੰਗ ਨਾਲ ਸਾਲ 2002 ‘ਚ “ਗੁਰੂ ਗ੍ਰੰਥ ਵਿਸ਼ਵਕੋਸ਼’ ਦਾ ਸੰਕਲਨ ਕੀਤਾ ਜਿਸ ਨੂੰ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ। ਉਨ੍ਹਾਂ ਦੀਆਂ ਹੋਰ ਮਹੱਤਵਪੂਰਨ ਰਚਨਾਵਾਂ ‘ਚ ਸਾਲ 2005 ‘ਚ ਸਿੱਖ ਪੰਥ ਵਿਸ਼ਵਕੋਸ਼” ਸ਼ਾਮਲ ਹੈ ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਮੁੱਖ ਮੁੱਦਿਆਂ, ਸੰਸਕਰਣਾਂ ਅਤੇ ਤੱਥਾਂ ਬਾਰੇ ਐਂਟਰੀਆਂ ਸ਼ਾਮਲ ਹਨ |

ਇਸਦੇ ਨਾਲ ਹੀ 2007 ‘ਚ “ਅਰਥਬੋਧ ਸ੍ਰੀ ਗੁਰੂ ਗ੍ਰੰਥ ਸਾਹਿਬ” ਸਿਰਲੇਖ ਦੀ ਰਚਨਾ ਤਿਆਰ ਕੀਤੀ ਗਈ | ਇਸ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 5 ਜਿਲਦਾਂ ‘ਚ ਉਪ-ਟੀਕਾ ਸ਼ਾਮਲ ਹੈ | ਇਸਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਾਰੀ ਕੀਤਾ ਗਿਆ । ਉਨ੍ਹਾਂ ਦੀਆਂ ਇਹ ਰਚਨਾਵਾਂ ਬਹੁਤ ਮਾਨਤਾ ਪ੍ਰਾਪਤ ਹਨ।

ਸਾਲ 2013 ‘ਚ ਡਾ. ਰਤਨ ਜੱਗੀ (Dr. Rattan Singh Jaggi) ਨੇ 8 ਜਿਲਦਾਂ ‘ਚ ਪ੍ਰਕਾਸ਼ਿਤ ਭਾਵ ਪ੍ਰਬੋਧਨੀ ਟੀਕਾ-ਸ੍ਰੀ ਗੁਰੂ ਗ੍ਰੰਥ ਸਾਹਿਬ” ਨਾਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵਿਆਪਕ ਟੀਕਾ ਤਿਆਰ ਕਰਕੇ ਸਿੱਖ ਧਰਮ ਲਈ ਆਪਣੀ ਸਭ ਤੋਂ ਵੱਡੀ ਸੇਵਾ ਨਿਭਾਈ। ਇਸ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਸਤ੍ਰਿਤ ਵਿਆਖਿਆ ਹੈ ਅਤੇ ਜੋ ਕਿ ਮਾਨਵਤਾ ਲਈ ਬੇਹੱਦ ਅਹਿਮ ਸਿੱਧ ਹੋ ਰਿਹਾ ਹੈ। ਸਾਲ 2017 ‘ਚ ਡਾ. ਰਤਨ ਜੱਗੀ ਨੇ ਇਸ ਟੀਕੇ ਦੀਆਂ ਪੰਜ ਜਿਲਦਾਂ ਨੂੰ ਹਿੰਦੀ ‘ਚ ਵੀ ਪ੍ਰਕਾਸ਼ਿਤ ਕੀਤਾ।

ਡਾ. ਰਤਨ ਸਿੰਘ ਜੱਗੀ

ਇਸਦੇ ਨਾਲ ਹੀ ਸਾਲ 2023 ‘ਚ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ‘ਚ ਅਹਿਮ ਯੋਗਦਾਨ ਲਈ ਭਾਰਤ ਦੇ ਰਾਸ਼ਟਰਪਤੀ ਵੱਲੋਂ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਡਾ. ਜੱਗੀ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਸਾਹਿਤਕ ਸੇਵਾਵਾਂ ਦੀ ਮਾਨਤਾ ਵਜੋਂ, ਉਨ੍ਹਾਂ ਨੂੰ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਡਾ. ਰਤਨ ਸਿੰਘ ਜੱਗੀ ਨੂੰ ਸਾਲ 1989 ‘ਚ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ ਸਾਲ 1996 ‘ਚ ਪੰਜਾਬ ਸਰਕਾਰ ਵੱਲੋਂ “ਪੰਜਾਬੀ ਸਾਹਿਤ ਸ਼੍ਰੋਮਣੀ ਦੇ ਸਰਵਉੱਚ ਸੂਬਾਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ ।

ਰਤਨ ਸਿੰਘ ਜੱਗੀ ਦੀਆਂ ਪੁਸਤਕਾਂ ਨੂੰ 8 ਵਾਰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪਹਿਲਾ ਇਨਾਮ ਹਾਸਲ ਹੋਇਆ । ਡਾ. ਰਤਨ ਸਿੰਘ ਜੱਗੀ ਨੂੰ ਹਰਿਆਣਾ ਸਰਕਾਰ ਨੇ ਵੀ ਸਾਲ 1968 ‘ਚ ਉਨ੍ਹਾਂ ਦੀ ਪੁਸਤਕ ਲਈ ਪਹਿਲੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ। ਦਿੱਲੀ ਸਰਕਾਰ ਦੀ ਸਰਪ੍ਰਸਤੀ ਹੇਠ ਪੰਜਾਬੀ ਅਕਾਦਮੀ ਨੇ ਸਾਲ 2010 ‘ਚ ਉਹਨਾਂ ਨੂੰ “ਪਰਮ ਸਾਹਿਤ ਸਤਿਕਾਰ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ ਅਤੇ ਉੱਤਰ ਪ੍ਰਦੇਸ਼ ਸਰਕਾਰ ਨੇ ਡਾ. ਰਤਨ ਸਿੰਘ ਜੱਗੀ ਨੂੰ ਸਾਲ 1996 ‘ਚ “ਸੌਹਰਦ ਸਨਮਾਨ” ਨਾਲ ਨਵਾਜਿਆ ਸੀ |

ਇਸਤੋਂ ਇਲਾਵਾ ਸਾਲ 2014 ‘ਚ ਪੰਜਾਬੀ ਯੂਨੀਵਰਸਿਟੀ ਨੇ ਸਾਹਿਤ ਦੇ ਖੇਤਰ ‘ਚ ਡਾ. ਰਤਨ ਸਿੰਘ ਜੱਗੀ ਦੀਆਂ ਅਹਿਮ ਪ੍ਰਾਪਤੀਆਂ ਦੇਖਦੇ ਹੋਏ ਉਨ੍ਹਾਂ ਨੂੰ ਆਨਰੇਰੀ ਡੀ. ਲਿਟ. ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਇਸ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਵੀ ਡਾ. ਰਤਨ ਸਿੰਘ ਜੱਗੀ ਨੂੰ 2015 ‘ਚ ਆਨਰੇਰੀ ਡੀ. ਲਿਟ ਦੀ ਡਿਗਰੀ ਪ੍ਰਦਾਨ ਕੀਤੀ।

ਰਤਨ ਸਿੰਘ ਜੱਗੀ ਨੂੰ ਉਨ੍ਹਾਂ ਦੀਆਂ ਸੁਹਿਰਦ, ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਜੋਂ ਕਈ ਸਾਹਿਤਕ ਗੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਨੇ ਵੀ ਸਨਮਾਨਿਤ ਕੀਤਾ ਗਿਆ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ 2008 ‘ਚ ਸਾਹਿਤਕ ਪਿੜ ‘ਚ ਵੱਡਮੁੱਲਾ ਯੋਗਦਾਨ ਪਾਉਣ ਲਈ ਰਤਨ ਸਿੰਘ ਜੱਗੀ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ 2012 ‘ਚ ਪੰਜਾਬੀ ਯੂਨੀਵਰਸਿਟੀ ਵੱਲੋਂ ਲਾਈਫ ਫੈਲੋਸ਼ਿਪ ਅਤੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਫੈਲੋਸ਼ਿਪ ਪ੍ਰਾਪਤ ਕਰਨ ਦਾ ਮਾਣ ਵੀ ਹਾਸਲ ਹੈ।

97 ਸਾਲ ਦੀ ਉਮਰ ਦੇ ਬਾਵਜੂਦ ਮਹਾਨ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੇ ਹੁਣ ਤੱਕ 150 ਕਿਤਾਬਾਂ ਲਿਖੀਆਂ ਤੇ ਅੱਜ ਵੀ ਸਮਾਜ ਨੂੰ ਸੇਧਪੂਰਨ, ਮਿਸਾਲੀ ਸਾਹਿਤਕ ਸੇਵਾਵਾਂ ਦੇ ਸਮਰਪਿਤ ਕਰਨ ਦੇ ਆਪਣੇ ਮਿਸ਼ਨ ਨੂੰ ਪੂਰੀ ਸੁਹਿਰਦਤਾ, ਤਨਦੇਹੀ ਅਤੇ ਅਣਥੱਕ ਲਗਨ ਨਾਲ ਜਾਰੀ ਰੱਖਿਆ ਹੈ।

Read More: ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

Scroll to Top