Site icon TheUnmute.com

ਮਾਨ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Punjab government

ਚੰਡੀਗੜ੍ਹ 29 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ।

ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡੇਂਗੂ ਦੇ ਵੱਧ ਰਹੇ ਮਾਮਲਿਆਂ ਵਿਰੁੱਧ ਠੋਸ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਫਿਰ ਵੀ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡੇਂਗੂ ‘ਤੇ ਕਾਬੂ ਪਾਉਣ ਅਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਵਾਇਰਸ ਨੂੰ ਕੰਟਰੋਲ ਕਰਨ ਲਈ ਸਕੂਲ ਸਿੱਖਿਆ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਵਰਗੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਠੋਸ ਉਪਰਾਲੇ ਕਰ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਵਿਗਿਆਨ ਦੇ ਖੇਤਰ ਵਿੱਚ ਤਰੱਕੀ ਦੇ ਬਾਵਜੂਦ ਡੇਂਗੂ ਬੁਖਾਰ ਇੱਕ ਵਿਸ਼ਵਵਿਆਪੀ ਅਤੇ ਖੇਤਰੀ ਸਮੱਸਿਆ ਬਣ ਗਈ ਹੈ ਜੋ ਸਭਨਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਬਿਮਾਰੀ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ।

ਉਨ੍ਹਾਂ ਨੇ ਸਬੰਧਤ ਧਿਰਾਂ ਨੂੰ ਡੇਂਗੂ ਵਿਰੁੱਧ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਅਤੇ ਮੀਡੀਆ ਵੱਲੋਂ ਡੇਂਗੂ ਬਾਰੇ ਲਗਾਤਾਰ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਇਸ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣ ਕਿਉਂਕਿ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੋਣ ਕਰਕੇ ਉਹ ਇਸ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।

ਸ. ਜੌੜਾਮਾਜਰਾ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਡੇਂਗੂ ‘ਤੇ ਕਾਬੂ ਪਾਉਣ ਸਬੰਧੀ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ ‘ਤੇ ਕਦਮ ਉਠਾਏ ਜਾ ਰਹੇ ਹਨ।

 

Exit mobile version