Site icon TheUnmute.com

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Baba Deep Singh Ji

ਅੰਮ੍ਰਿਤਸਰ, 15 ਨਵੰਬਰ 2023: ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ (Baba Deep Singh Ji) ਦਾ ਸ਼ਹੀਦੀ ਦਿਹਾੜਾ ਅੱਜ ਅੰਮ੍ਰਿਤਸਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੱਥਾ ਟੇਕਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ।

ਸ਼ਹੀਦੀ ਸਮਾਗਮ ਪ੍ਰਥਾਇ ਆਰੰਭ ਕੀਤੇ ਗਏ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਥਾ ਵਾਚਕਾਂ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਉਹਨਾਂ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ ਅਤੇ ਅੱਜ ਦੇ ਦਿਨ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿੱਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ |

ਜ਼ਿਕਰਯੋਗ ਹੈ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ (Baba Deep Singh Ji)  ਘਮਸਾਨ ਦਾ ਯੁੱਧ ਕਰਦਿਆਂ ਸ੍ਰੀ ਅੰਮ੍ਰਿਤਸਰ ਪਹੁੰਚੇ ਅਤੇ ਆਪਣਾ ਸੀਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਂਟ ਕੀਤਾ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸਸਕਾਰ ਕੀਤਾ ਗਿਆ । ਇਹ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀ ਅਦੁੱਤੀ ਸ਼ਹੀਦੀ ਦੀ ਯਾਦ ਕਰਵਾਉਂਦਾ ਹੈ ਅਤੇ ਗੁਰਧਾਮਾਂ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਪ੍ਰੇਰਨਾ ਸਰੋਤ ਹੈ।

Exit mobile version