ਚੰਡੀਗੜ੍ਹ, 03 ਮਈ 2024: ਚੰਡੀਗੜ੍ਹ ਦੇ ਸੈਕਟਰ 2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਬੰਦ ਕੀਤੀ ਸੜਕ ਨੂੰ ਖੋਲ੍ਹਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ (Supreme Court) ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਪੰਜਾਬ ਸਰਕਾਰ ਵੱਲੋਂ ਇਹ ਦਲੀਲ ਦਿੱਤੀ ਗਈ ਕਿ ਪੰਜਾਬ ਦਾ ਮਾਹੌਲ ਹੁਣ ਠੀਕ ਨਹੀਂ ਹੈ। ਇਸ ਲਈ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਸ ਸੜਕ ਨੂੰ ਖੋਲ੍ਹਣਾ ਠੀਕ ਨਹੀਂ ਹੈ। ਜੇਕਰ ਇਹ ਸੜਕ ਖੁੱਲ੍ਹ ਜਾਂਦੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ।
ਹਾਈ ਕੋਰਟ ਨੇ ਇਸ ਸੜਕ ਨੂੰ 1 ਮਈ ਤੋਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੋਲ੍ਹਣ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਦੀ ਸੁਰੱਖਿਆ ਕਾਰਨ ਇਸ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਸੜਕ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਤੋਂ ਬਾਅਦ ਬੰਦ ਕਰ ਦਿੱਤੀ ਗਈ ਸੀ।