ਚੰਡੀਗੜ੍ਹ, 27 ਮਈ 2023: ਨੀਤੀ ਆਯੋਗ (NITI Aayog) ਦੀ ਅੱਠਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਸਤ ਭਾਰਤ ਲਈ ਰੋਡਮੈਪ ਬਾਰੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ। ਨੀਤੀ ਆਯੋਗ ਦੇ ਚੇਅਰਮੈਨ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਨੀਤੀ ਆਯੋਗ ਦੀ ਮੀਟਿੰਗ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਪ੍ਰਗਤੀ ਮੈਦਾਨ ਵਿੱਚ ਕੀਤੀ ਜਾ ਰਹੀ ਹੈ। ਮੀਟਿੰਗ ਦਾ ਵਿਸ਼ਾ ‘ਵਿਕਸਿਤ ਭਾਰਤ @ 2047 ਟੀਮ ਇੰਡੀਆ ਦੀ ਭੂਮਿਕਾ’ ਰੱਖਿਆ ਗਿਆ ਹੈ। ਨੀਤੀ ਆਯੋਗ (NITI Aayog) ਦੀ ਗਵਰਨਿੰਗ ਕੌਂਸਲ ਦੀ ਅੱਠਵੀਂ ਮੀਟਿੰਗ ਦੀ ਤਿਆਰੀ ਲਈ ਇਸ ਸਾਲ ਜਨਵਰੀ ਵਿੱਚ ਮੁੱਖ ਸਕੱਤਰਾਂ ਦੀ ਕਾਨਫਰੰਸ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਅੱਠ ਪ੍ਰਮੁੱਖ ਮੁੱਦਿਆਂ ‘ਤੇ ਵਿਆਪਕ ਤੌਰ ‘ਤੇ ਚਰਚਾ ਕੀਤੀ ਗਈ ਸੀ।
ਇਹ ਮੁੱਦੇ ਹਨ:-
1. MSME
2. ਬੁਨਿਆਦੀ ਢਾਂਚਾ ਅਤੇ ਨਿਵੇਸ਼
3. ਨਿਯਮਾਂ ਨੂੰ ਘੱਟ ਕਰਨਾ
4. ਮਹਿਲਾ ਸਸ਼ਕਤੀਕਰਨ
5. ਸਿਹਤ ਅਤੇ ਪੋਸ਼ਣ
6. ਹੁਨਰ ਵਿਕਾਸ
7. ਗਤੀ ਸ਼ਕਤੀ
8. ਸਮਾਜਿਕ ਬੁਨਿਆਦੀ ਢਾਂਚੇ ਦਾ ਵਿਕਾਸ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਮੀਟਿੰਗ ਦਾ ਬਾਈਕਾਟ ਕੀਤਾ ਹੈ। ਇਸੇ ਤਰ੍ਹਾਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਾਫੀ ਹੰਗਾਮੇ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।