July 4, 2024 9:40 pm
DGP Gaurav Yadav

ਨਕੋਦਰ ‘ਚ ਕੱਪੜਾ ਵਪਾਰੀ ਦੇ ਕਤਲ ਦੀ ਗੁੱਥੀ ਸੁਲਝੀ, ਡੀਜੀਪੀ ਗੌਰਵ ਯਾਦਵ ਨੇ ਕੀਤੇ ਵੱਡੇ ਖ਼ੁਲਾਸੇ

ਚੰਡੀਗੜ੍ਹ 14 ਦਸੰਬਰ 2022: ਪੰਜਾਬ ਪੁਲਿਸ ਨੇ ਜਲੰਧਰ ਦੇ ਨਕੋਦਰ (Nakodar) ਵਿੱਚ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਦੇ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ | ਜਾਣਕਾਰੀ ਦਿੰਦੇ ਹੋਏ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ਼ ਵਿੱਚ ਦੱਸਿਆ ਕਿ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਦਾ ਕਤਲ ਅਮਰੀਕਾ ਦੇ ਰਹਿਣ ਵਾਲੇ ਅਮਨਦੀਪ ਪੁਰੇਵਾਲ ਨੇ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਕਤਲ ਦੀ ਵਾਰਦਾਤ ਨੂੰ ਪੰਜ ਮੁਲਜ਼ਮਾਂ ਨੇ ਅੰਜਾਮ ਦਿੱਤਾ ਸੀ, ਜਿਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਖੁਸ਼ਕਰਨ ਸਿੰਘ ਫ਼ੌਜੀ, ਕਮਲਦੀਪ ਸਿੰਘ ਉਰਫ਼ ਦੀਪ, ਮੰਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਦੋ ਮੁਲਜ਼ਮ ਸਤਪਾਲ ਉਰਫ਼ ਸਾਜਨ ਅਤੇ ਠਾਕੁਰ ਅਜੇ ਤੱਕ ਫ਼ਰਾਰ ਹਨ, ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ |

ਪੁਲਿਸ ਨੇ ਦਾਅਵਾ ਕੀਤਾ ਕਿ ਵਾਰਦਾਤ ਦੌਰਾਨ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਹ ਹਥਿਆਰ ਗੁਰਿੰਦਰ ਗਿੰਦਾ ਨੇ ਦਿੱਤੇ ਸਨ। ਡੀਜੀਪੀ ਨੇ ਅੱਗੇ ਦੱਸਿਆ ਕਿ ਕੱਪੜਾ ਵਪਾਰੀ ਦੀ ਸਕਾਰਪੀਓ ਅਤੇ ਸਫਾਰੀ ਕਾਰ ਦੀ ਰੇਕੀ ਕੀਤੀ ਜਾ ਰਹੀ ਸੀ। ਇਸ ਕਤਲ ਨੂੰ ਇੱਕ ਨਵੇਂ ਗੈਂਗ ਨੇ ਅੰਜਾਮ ਦਿੱਤਾ ਹੈ, ਜਿਸ ਗੈਂਗ ਨੂੰ ਅਮਰੀਕਾ ਬੈਠੇ ਅਮਨਦੀਪ ਪੁਰੇਵਾਲ ਚਲਾ ਰਿਹਾ ਹੈ।

ਜਿਕਰਯੋਗ ਹੈ ਕਿ ਜਲੰਧਰ ਦੇ ਨਕੋਦਰ (Nakodar) ਵਿੱਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਜਿਸਦੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।