Site icon TheUnmute.com

ਐਸ.ਬੀ.ਐਸ. ਨਗਰ ਵਿਖੇ ਪੰਜਾਬ ਦੀਆਂ ਝਾਕੀਆਂ ਦਾ ਪਹੁੰਚਣ ’ਤੇ ਨਗਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ

ਪੰਜਾਬ ਦੀਆਂ ਝਾਕੀਆਂ

ਨਵਾਂਸ਼ਹਿਰ 5 ਫ਼ਰਵਰੀ 2024: ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਸਾਹਮਣੇ ਪੁੱਜਣ ‘ਤੇ ਲੋਕਾਂ ਦੁਆਰਾ ਇਨਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਏ.ਡੀ.ਸੀ. (ਵਿਕਾਸ) ਸਾਗਰ ਸੇਤੀਆ, ਚੇਅਰਮੈਨ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਅਤੇ ਵੱਖ-ਵੱਖ ਅਧਿਕਾਰੀਆ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਨਾਂ ਝਾਕੀਆਂ ਦਾ ਇੱਥੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਇਨ੍ਹਾਂ ਝਾਕੀਆਂ ਵਿੱਚ ਜਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ।

ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ।

ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ। ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।

Exit mobile version