Threat to Kejriwal

ਅਰਵਿੰਦ ਕੇਜਰੀਵਾਲ ਨੂੰ ਧ.ਮ.ਕੀ ਦੇਣ ਵਾਲਾ ਦਾ ਭਾਜਪਾ ਨਾਲ ਸਿੱਧਾ ਜਾਂ ਅਸਿੱਧਾ ਸਬੰਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਨਵੰਬਰ, 2026: ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਮਾਮਲੇ ‘ਚ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਦਾ ਭਾਜਪਾ ਨਾਲ ਸਿੱਧਾ ਜਾਂ ਅਸਿੱਧਾ ਸਬੰਧ ਹੈ। ਧਮਕੀ ਦੀ ਨਿੰਦਾ ਕਰਦੇ ਹੋਏ, ‘ਆਪ’ ਪੰਜਾਬ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ‘ਆਪ’ ਆਗੂ ਨਾ ਤਾਂ ਅਜਿਹੀਆਂ ਧਮਕੀਆਂ ਤੋਂ ਡਰਨਗੇ ਅਤੇ ਨਾ ਹੀ ਲੋਕਾਂ ਲਈ ਕੰਮ ਕਰਨਾ ਬੰਦ ਕਰਨਗੇ।

‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਮੁਤਾਬਕ ਧਮਕੀ ਦੇਣ ਵਾਲਾ ਵਿਅਕਤੀ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਉਨ੍ਹਾਂ ਮੁਤਾਬਕ ਮੁੱਢਲੀ ਜਾਂਚ ‘ਚ ਭਾਜਪਾ ਨਾਲ ਸਿੱਧੇ ਜਾਂ ਅਸਿੱਧੇ ਸਬੰਧਾਂ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਕਿਹਾ, “ਭਾਜਪਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨਾ ਅਤੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ।”

‘ਆਪ’ ਆਗੂ ਨੇ ਕਿਹਾ, “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਇੱਥੋਂ ਦੇ ਲੋਕ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਅਜਿਹੀਆਂ ਕੋਸ਼ਿਸ਼ਾਂ ਦੇ ਪਿੱਛੇ ਲੁਕਵੇਂ ਇਰਾਦਿਆਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ‘ਚ ਡਰ ਪੈਦਾ ਕਰਨ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।” ਕੈਬਨਿਟ ਮੰਤਰੀ ਨੇ ਕਿਹਾ ਕਿ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਨਾਲ ਸਖ਼ਤੀ ਨਾਲ ਅਤੇ ਕਾਨੂੰਨ ਅਨੁਸਾਰ ਨਜਿੱਠਿਆ ਜਾਵੇਗਾ।

ਪੰਜਾਬ ਸਰਕਾਰ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਵੀ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਧਮਕੀ ਦੇ ਸਬੰਧ ‘ਚ ਇੱਕ ਗੈਂਗਸਟਰ ਨੇ 7 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ।

ਉਨ੍ਹਾਂ ਨੇ ਕਿਹਾ, “ਪੰਜਾਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਵਿਅਕਤੀ ਨੂੰ ਲੱਭ ਲਿਆ ਹੈ ਅਤੇ ਮੋਹਾਲੀ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਦੇ ਭਾਜਪਾ ਨਾਲ ਸਬੰਧ ਹਨ। ਸਿਆਸੀ ਲਾਭ ਲਈ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਅਤੇ ਲੋਕਾਂ ‘ਚ ਡਰ ਪੈਦਾ ਕਰਨ ਦੀਆਂ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।”

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਆਪ ਆਗੂ ਨਾ ਤਾਂ ਡਰਨਗੇ ਅਤੇ ਨਾ ਹੀ ਅਜਿਹੀਆਂ ਧਮਕੀਆਂ ਅੱਗੇ ਝੁਕਣਗੇ। ਅਸੀਂ ਪੰਜਾਬ ਅਤੇ ਦੇਸ਼ ਦੇ ਲੋਕਾਂ ਲਈ ਕੰਮ ਕਰਨਾ ਬੰਦ ਨਹੀਂ ਕਰਾਂਗੇ। ਇਸ ਸਾਜ਼ਿਸ਼ ‘ਚ ਸ਼ਾਮਲ ਲੋਕਾਂ ਨੂੰ ਜਨਤਕ ਤੌਰ ‘ਤੇ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।”

Read More: ਸਵੱਛ ਸਰਵੇਖਣ 2025-26 ‘ਚ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਵਿਦੇਸ਼

Scroll to Top