Site icon TheUnmute.com

ਵਿਅਕਤੀ ਦਾ ਨਾਂਅ ਵੋਟਰ ਸੂਚੀ ‘ਚ ਹੋਣਾ ਲਾਜ਼ਮੀ, 12 ਹੋਰ ਦਸਤਾਵੇਜ਼ ਰਾਹੀਂ ਪਾ ਸਕੋਗੇ ਵੋਟ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 25 ਮਈ 2024: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ (Voters) ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ ਵਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਛਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ (Voters) ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

Exit mobile version