ਚੰਡੀਗੜ੍ਹ, 22 ਫ਼ਰਵਰੀ 2023: ਇਜ਼ਰਾਈਲ (Israel) ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਾਨਯਾਹੂ (Benjamin Netanyahu) ਛੇਤੀ ਹੀ ਭਾਰਤ ਦਾ ਦੌਰਾ ਕਰ ਸਕਦੇ ਹਨ। ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ ਨਿਓਰ ਗਿਲਾਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਜ਼ਰਾਈਲ ਦੇ ਵਿਦੇਸ਼ ਮੰਤਰੀ ਜਲਦ ਹੀ ਭਾਰਤ ਦੌਰੇ ‘ਤੇ ਜਾ ਰਹੇ ਹਨ। ਅਸੀਂ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਭਾਰਤ ਦੌਰੇ ਦੀਆਂ ਤਾਰੀਖ਼ਾਂ ਨੂੰ ਅੰਤਿਮ ਰੂਪ ਦੇਣ ਲਈ ਕੰਮ ਕਰ ਰਹੇ ਹਾਂ। ਨਿਓਰ ਗਿਲਨ ਨੇ ਕਿਹਾ ਕਿ ਭਾਰਤ ਇੱਕ ਖੇਤਰੀ ਸ਼ਕਤੀ ਤੋਂ ਵਿਸ਼ਵ ਸ਼ਕਤੀ ਬਣ ਗਿਆ ਹੈ। ਭਾਰਤ ਅਤੇ ਇਜ਼ਰਾਈਲ ਵਿਚਾਲੇ ਕੂਟਨੀਤਕ ਸਬੰਧਾਂ ਨੂੰ 30 ਸਾਲ ਪੂਰੇ ਹੋ ਗਏ ਹਨ। ਅਜਿਹੇ ‘ਚ ਅਸੀਂ ਹਰਿਆਣਾ ‘ਚ ਸੈਂਟਰ ਆਫ ਐਕਸੀਲੈਂਸ ਸ਼ੁਰੂ ਕੀਤਾ ਹੈ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਇਜ਼ਰਾਈਲ (Israel) ਵਿਚਾਲੇ ਕੂਟਨੀਤਕ ਸਬੰਧਾਂ ਦੇ 30 ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਰਿਆਣਾ ਦੇ ਭਿਵਾਨੀ ‘ਚ ਸੈਂਟਰ ਆਫ ਐਕਸੀਲੈਂਸ ਦਾ ਉਦਘਾਟਨ ਕੀਤਾ ਗਿਆ ਸੀ। ਇਹ ਕੇਂਦਰ ਇੰਡੀਆ ਇਜ਼ਰਾਈਲ ਐਗਰੀਕਲਚਰ ਪ੍ਰੋਜੈਕਟ ਤਹਿਤ ਤਿਆਰ ਕੀਤਾ ਗਿਆ ਹੈ ਅਤੇ ਅਰਧ-ਸੁੱਕੀਆਂ ਫਸਲਾਂ ‘ਤੇ ਰਿਸਰਚ ਕੀਤੀ ਜਾਵੇਗੀ।
ਇਜ਼ਰਾਈਲ ਦੇ ਰਾਜਦੂਤ ਨੇ ਕਿਹਾ ਕਿ ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤਾ ਦੋਵਾਂ ਦੇਸ਼ਾਂ ਲਈ ਤਰਜੀਹ ਹੈ। ਤੁਹਾਨੂੰ ਦੱਸ ਦਈਏ ਕਿ ਮੁਕਤ ਵਪਾਰ ਸਮਝੌਤੇ ਦੇ ਤਹਿਤ ਸਮਝੌਤਾ ਕਰਨ ਵਾਲੇ ਦੇਸ਼ ਵਪਾਰ ਅਤੇ ਨਿਵੇਸ਼ ‘ਚ ਰੁਕਾਵਟਾਂ ਨੂੰ ਦੂਰ ਕਰਦੇ ਹਨ। ਇਸ ਦੇ ਨਾਲ ਹੀ ਅਜਿਹੀਆਂ ਨੀਤੀਆਂ ਬਣਾਈਆਂ ਜਾਂਦੀਆਂ ਹਨ, ਜੋ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਦਾ ਹੈ।
ਹਾਲ ਹੀ ਵਿੱਚ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਸੀ ਕਿ ਭਾਰਤ ਇਜ਼ਰਾਈਲ ਨਾਲ ਉਦੋਂ ਤੱਕ ਮੁਕਤ ਵਪਾਰ ਸਮਝੌਤਾ ਨਹੀਂ ਕਰੇਗਾ ਜਦੋਂ ਤੱਕ ਕੋਈ ਚੰਗਾ ਸੌਦਾ ਨਹੀਂ ਮਿਲਦਾ। ਪੀਯੂਸ਼ ਗੋਇਲ ਨੇ ਕਿਹਾ ਕਿ ਸਮਝੌਤੇ ਦਾ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਣਾ ਚਾਹੀਦਾ ਹੈ। ਦੋਵਾਂ ਦੇਸ਼ਾਂ ਵਿਚਾਲੇ ਸਾਲਾਨਾ 8 ਅਰਬ ਡਾਲਰ ਦਾ ਵਪਾਰ ਹੁੰਦਾ ਹੈ। 2010 ਤੋਂ ਦੋਵਾਂ ਦੇਸ਼ਾਂ ਵਿਚਾਲੇ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਚੱਲ ਰਹੀ ਹੈ।