Site icon TheUnmute.com

ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਪੀਕਰ ਨੇ ਕਿਹਾ- ਅਜਿਹੀ ਘਟਨਾ ‘ਤੇ ਰਾਜਨੀਤੀ ਕਰਨਾ ਮੰਦਭਾਗਾ

Rajya Sabha

ਚੰਡੀਗੜ੍ਹ, 18 ਦਸੰਬਰ 2023: ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ (Rajya Sabha) ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ । ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ |

ਇਸਦੇ ਨਾਲ ਹੀ ਰਾਜਸਥਾਨ ਦੇ ਨਾਗੌਰ ਤੋਂ ਸੰਸਦ ਮੈਂਬਰ ਹਨੂੰਮਾਨ ਬੈਨੀਵਾਲ ਨੇ ਸੰਸਦ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਅਸਤੀਫਾ 15 ਦਸੰਬਰ 2023 ਨੂੰ ਸਵੀਕਾਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਹਨੂੰਮਾਨ ਬੇਨੀਵਾਲ ਰਾਸ਼ਟਰੀ ਲੋਕਤਾਂਤਰਿਕ ਪਾਰਟੀ ਦੇ ਸੰਸਦ ਮੈਂਬਰ ਹਨ।

ਲੋਕ ਸਭਾ ਅਤੇ ਰਾਜ ਸਭਾ (Rajya Sabha) ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸੰਸਦ ‘ਚ ਹੰਗਾਮਾ ਸ਼ੁਰੂ ਹੋ ਗਿਆ। ਸੰਸਦ ਦੀ ਸੁਰੱਖਿਆ ‘ਚ ਢਿੱਲ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਸਰਕਾਰ ‘ਤੇ ਹਮਲਾ ਬੋਲ ਰਹੇ ਹਨ। ਸੰਸਦ ਮੈਂਬਰਾਂ ਦੇ ਹੰਗਾਮੇ ਦਰਮਿਆਨ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਦਨ ਵਿੱਚ ਸਾਰਥਕ ਅਤੇ ਸਕਾਰਾਤਮਕ ਚਰਚਾ ਹੋਣੀ ਚਾਹੀਦੀ ਹੈ। ਇਹ ਮੰਦਭਾਗਾ ਹੈ ਕਿ ਇਸ ਮੁੱਦੇ ‘ਤੇ ਸਿਆਸਤ ਹੋ ਰਹੀ ਹੈ। ਸੰਸਦ ਮੈਂਬਰਾਂ ਨੂੰ ਸਦਨ ਦੀ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ ਅਤੇ ਸਦਨ ਵਿੱਚ ਤਖ਼ਤੀਆਂ ਲਿਆਉਣਾ ਗਲਤ ਹੈ।

Exit mobile version