July 7, 2024 12:53 pm
VIP culture

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5994 ਈਟੀਟੀ ਅਧਿਆਪਕਾਂ ਦੀ ਭਰਤੀ ’ਤੇ ਲਾਈ ਰੋਕ

ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 5994 ਈਟੀਟੀ ਅਧਿਆਪਕਾਂ (5994 ETT teachers) ਦੀ ਭਰਤੀ ’ਤੇ ਰੋਕ ਲਗਾ ਦਿੱਤੀ ਹੈ। ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਹੁਣ ਇਹ ਭਰਤੀ ਨਿਯਮਾਂ ‘ਚ ਬਦਲਾਅ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੇ ਫੈਸਲੇ ‘ਤੇ ਨਿਰਭਰ ਕਰੇਗੀ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਕਿ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨ ਦਾਖਲ ਕਰਦੇ ਹੋਏ ਪਰਵਿੰਦਰ ਸਿੰਘ ਤੇ ਹੋਰਨਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈਟੀਟੀ ਦੀਆਂ 5994 ਅਸਾਮੀਆਂ (5994 ETT teachers) ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ਼ਤਿਹਾਰ ਵਿਚ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਨ ਦੇ ਚੱਲਦਿਆਂ ਪਟੀਸ਼ਨਰਾਂ ਨੇ ਵੀ ਇਸ ਲਈ ਅਪਲਾਈ ਕੀਤਾ ਸੀ। ਇਸਦੇ ਨਾਲ ਹੀ 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਨਿਯਮ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਪੰਜਾਬੀ ਦੀ ਵਾਧੂ ਪ੍ਰੀਖਿਆ ਨੂੰ ਗਰੁੱਪ ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਲਾਜ਼ਮੀ ਕਰ ਦਿੱਤਾ।

ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਰਾਖਵੇਂ ਵਰਗ ਨੂੰ ਕੋਈ ਛੋਟ ਨਹੀਂ ਦਿੱਤੀ ਗਈ। ਇਸ ਦੇ ਬਾਅਦ ਇਕ ਦਸੰਬਰ 2022 ਨੂੰ ਇਕ ਸੋਧ ਪੱਤਰ ਜਾਰੀ ਕੀਤਾ ਗਿਆ ਜਿਸ ਤਹਿਤ 12 ਅਕਤੂਬਰ ਨੂੰ ਈਟੀਟੀ 5994 ਅਸਾਮੀਆਂ ਭਰਨ ਲਈ ਜਾਰੀ ਇਸ਼ਤਿਹਾਰ ’ਤੇ ਵੀ ਇਸ ਨੂੰ ਲਾਗੂ ਕਰ ਦਿੱਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਸਿ ਤਰ੍ਹਾਂ ਨੋਟੀਫਿਕੇਸ਼ਨ ਨੂੰ ਕਿਸੇ ਪਹਿਲਾਂ ਜਾਰੀ ਭਰਤੀ ’ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੇ ਵਿਚ ਇਸ ਸੋਧ ਪੱਤਰ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਜਾਵੇ ਤੇ ਨਾਲ ਹੀ ਭਰਤੀ ਪ੍ਰਕਿਰਿਆ ’ਤੇ ਰੋਕ ਲਾਈ ਜਾਵੇ।